ਅਕਾਲੀ ਦਲ ਨੇ ਢੀਂਡਸਾ ਨੂੰ ਲਿਆ ਲੰਮੇ ਹੱਥੀਂ, ਕਿਹਾ-ਲੋਕਤੰਤਰੀ ਕਦਰਾਂ ਕੀਮਤਾਂ ਦਾ ਕਰਨ ਸਨਮਾਨ

0
810

ਸ਼੍ਰੋਮਣੀ ਅਕਾਲੀ ਦਲ ਨੇ ਨਵੇਂ ਬਣੇ ਸ਼੍ਰੋਮਣੀ ਅਕਾਲੀ ਦਲ ਡੈਮੋਕ੍ਰੈਟਿਕ ਦੇ ਆਗੂ ਸੁਖਦੇਵ ਸਿੰਘ ਢੀਂਡਸਾ ਨੂੰ ਆਖਿਆ ਕਿ ਉਹ ਉਨ੍ਹਾਂ ਲੋਕਤੰਤਰੀ ਕਦਰਾਂ ਕੀਮਤਾਂ ਦਾ ਸਨਮਾਨ ਕਰਨਾ ਸਿੱਖਣ ਅਤੇ ਅਜਿਹੇ ਝੂਠੇ ਦਾਅਵੇ ਕਰਨ ਤੋਂ ਗੁਰੇਜ਼ ਕਰਨ, ਜਿਸ ਨਾਲ ਉਨ੍ਹਾਂ ਦਾ ਕੱਦ ਨੀਵਾਂ ਹੁੰਦਾ ਹੋਵੇ । ਉਨ੍ਹਾਂ ਨੇ ਸ਼੍ਰੋਮਣੀ ਅਕਾਲੀ ਦਲ ਟਕਸਾਲੀ ਦੇ ਪ੍ਰਧਾਨ ਰਣਜੀਤ ਸਿੰਘ ਬ੍ਰਹਮਪੁਰਾ ਨੂੰ ਜ਼ਲੀਲ ਕਰਨ ‘ਤੇ ਢੀਂਡਸਾ ਦੀ ਜ਼ੋਰਦਾਰ ਨਿਖੇਧੀ ਕੀਤੀ।ਇਥੇ ਜਾਰੀ ਕੀਤੇ ਇਕ ਬਿਆਨ ‘ਚ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਐੱਮ. ਪੀ. ਬਲਵਿੰਦਰ ਸਿੰਘ ਭੂੰਦੜ ਅਤੇ ਸਾਬਕਾ ਮੰਤਰੀ ਜਥੇਦਾਰ ਤੋਤਾ ਸਿੰਘ ਨੇ ਕਿਹਾ ਕਿ ਢੀਂਡਸਾ ਇਕ ਸੀਨੀਅਰ ਸਿਆਸਤਦਾਨ ਹਨ ਅਤੇ ਉਹ ਚੰਗੀ ਤਰ੍ਹਾਂ ਸਮਝਦੇ ਹਨ ਕਿ ਸਿਆਸੀ ਪਾਰਟੀਆਂ ਕਿਵੇਂ ਕੰਮ ਕਰਦੀਆਂ ਹਨ। ਉਨ੍ਹਾਂ ਨੂੰ ਝੂਠੇ ਦਾਅਵਿਆਂ ਨਾਲ ਲੋਕਾਂ ਨੂੰ ਗੁੰਮਰਾਹ ਕਰਨ ਦਾ ਯਤਨ ਨਹੀਂ ਕਰਨਾ ਚਾਹੀਦਾ। ਉਨ੍ਹਾਂ ਕਿਹਾ ਕਿ ਪਾਰਟੀ, ਘੱਟੋ-ਘੱਟ ਸ਼੍ਰੋਮਣੀ ਅਕਾਲੀ ਦਲ ਦੀ ਵਾਗਡੋਰ ਸੰਭਾਲਣੀ ਤਾਂ ਦੂਰ ਦੀ ਗੱਲ ਢੀਂਡਸਾ ਤਾਂ ਆਪਣੀ ਮਾਂ ਪਾਰਟੀ ਦੇ ਨੁਮਾਇੰਦੇ ਵੀ ਨਹੀਂ ਹਨ ਕਿਉਂਕਿ ਉਨ੍ਹਾਂ ਨੂੰ ਪਾਰਟੀ ‘ਚੋਂ ਕੱਢਿਆ ਗਿਆ ਹੈ। ਉਨ੍ਹਾਂ ਕਿਹਾ ਕਿ ਢੀਂਡਸਾ ਨੇ ਪਿਛਲੇ ਸਾਲ ਸ਼੍ਰੋਮਣੀ ਅਕਾਲੀ ਦਲ ਦੀ ਮੈਂਬਰਸ਼ਿਪ ਭਰਤੀ ਮੁਹਿੰਮ ‘ਚ ਵੀ ਹਿੱਸਾ ਨਹੀਂ ਲਿਆ।ਉਨ੍ਹਾਂ ਕਿਹਾ ਕਿ ਇਹ ਸਪਸ਼ਟ ਹੈ ਕਿ ਢੀਂਡਸਾ ਕਾਂਗਰਸ ਨਾਲ ਸਾਜ਼ਿਸ਼ ‘ਚ ਰਲ ਗਏ ਹਨ ਅਤੇ ਉਹੀ ਕਰ ਰਹੇ ਹਨ, ਜੋ ਹਦਾਇਤਾਂ ਕਾਂਗਰਸ ਪਾਰਟੀ ਕਰ ਰਹੀ ਹੈ। ਇਸ ਸਾਜ਼ਿਸ਼ ਤਹਿਤ ਹੀ ਸ਼੍ਰੋਮਣੀ ਅਕਾਲੀ ਦਲ ਦਾ ਨਾਂ ਉਨ੍ਹਾਂ ਵਰਤਿਆ ਹੈ। ਢੀਂਡਸਾ ਨੂੰ ਇਹ ਵੀ ਮਹਿਸੂਸ ਹੋ ਗਿਆ ਹੈ ਕਿ ਇਹ ਚੰਗੀ ਸਲਾਹ ਨਹੀਂ ਹੈ ਅਤੇ ਇਸੇ ਲਈ ਉਨ੍ਹਾਂ ਨੇ ਪਾਰਟੀ ਦਾ ਨਾਂ ਹੁਣ ਸ਼੍ਰੋਮਣੀ ਅਕਾਲੀ ਦਲ ਡੈਮੋਕ੍ਰੈਟਿਕ ਆਖਣਾ ਸ਼ੁਰੂ ਕਰ ਦਿੱਤਾ ਹੈ। ਅਕਾਲੀ ਆਗੂਆਂ ਨੇ ਢੀਂਡਸਾ ਵੱਲੋਂ ਸੀਨੀਅਰ ਆਗੂ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਨੂੰ ਜ਼ਲੀਲ ਕਰਨ ਦੀ ਵੀ ਜ਼ੋਰਦਾਰ ਨਿਖੇਧੀ ਕੀਤੀ । ਉਨ੍ਹਾਂ ਕਿਹਾ ਕਿ ਇਹ ਬਹੁਤ ਹੀ ਮੰਦਭਾਗੀ ਗੱਲ ਹੈ ਕਿ ਜ਼ਲੀਲ ਕਰਨ ਦੀ ਇਹ ਕਾਰਵਾਈ ਉਦੋਂ ਕੀਤੀ ਗਈ ਹੈ, ਜਦੋਂ ਸੀਨੀਅਰ ਆਗੂ ਦਾ ਪੀ. ਜੀ. ਆਈ. ਚੰਡੀਗੜ੍ਹ ‘ਚ ਇਲਾਜ ਚਲ ਰਿਹਾ ਹੈ।ਉਨ੍ਹਾਂ ਕਿਹਾ ਕਿ ਹੁਣ ਇਹ ਸਪਸ਼ਟ ਹੋ ਗਿਆ ਹੈ ਕਿ ਢੀਂਡਸਾ ਇਸ ਲਈ ਸ਼੍ਰੋਮਣੀ ਅਕਾਲੀ ਦਲ ਟਕਸਾਲੀ ਦਾ ਹਿੱਸਾ ਨਹੀਂ ਬਣੇ ਕਿਉਂਕਿ ਉਹ ਆਪਣੇ ਪੁੱਤਰ ਪਰਮਿੰਦਰ ਸਿੰਘ ਢੀਂਡਸਾ ਨੂੰ ਮੁੱਖ ਮੰਤਰੀ ਦੇ ਉਮੀਦਵਾਰ ਵਜੋਂ ਪੇਸ਼ ਕਰਨਾ ਚਾਹੁੰਦੇ ਹਨ। ਇਹ ਵੀ ਸਪਸ਼ਟ ਹੋ ਗਿਆ ਹੈ ਕਿ ਢੀਂਡਸਾ ਕੋਲ ਸ਼੍ਰੋਮਣੀ ਅਕਾਲੀ ਦਲ ਜਾਂ ਇਸ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਖ਼ਿਲਾਫ਼ ਕੁਝ ਨਹੀਂ ਹੈ । ਅਸਲ ‘ਚ ਉਹ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਬਣਨਾ ਚਾਹੁੰਦੇ ਸਨ ਪਰ ਜਦੋਂ ਉਨ੍ਹਾਂ ਦੀ ਇਹ ਇੱਛਾ ਪੂਰੀ ਨਾ ਹੋਈ ਤਾਂ ਉਨ੍ਹਾਂ ਨੇ ਆਪਣੇ ਪਰਿਵਾਰ ਦੀਆਂ ਸਿਆਸੀ ਇੱਛਾਵਾਂ ਦੀ ਪੂਰਤੀ ਲਈ ਵੱਖਰੀ ਪਾਰਟੀ ਬਣਾ ਲਈ।

LEAVE A REPLY

Please enter your comment!
Please enter your name here