ਅੰਮ੍ਰਿਤਸਰ ਦੇ ਪਤਾਹਪੁਰ ਇਲਾਕੇ ਵਿਚ ਅੱਜ ਸ਼ਰੇਆਮ ਗੁੰਡਾਗਰਦੀ ਦਾ ਨੰਗਾ ਨਾਚ ਦੇਖਣ ਨੂੰ ਮਿਲਿਆ, ਜਿੱਥੇ ਸਵੇਰੇ ਹੋਏ ਮਾਮੂਲੀ ਝਗੜੇ ਤੋਂ ਬਾਅਦ ਗਿੰਨੀ ਨਾਮਕ ਨੌਜਵਾਨ ਨੇ ਇਕ ਕੌਂਸਲਰ ਦੇ ਘਰ ‘ਤੇ ਹਮਲਾ ਕਰ ਦਿੱਤਾ। ਇੰਨਾ ਹੀ ਨਹੀਂ ਗਿੰਨੀ ਨੇ ਸ਼ਰੇਆਮ ਗੋਲੀਆਂ ਵੀ ਚਲਾਈਆਂ। ਉਧਰ ਪੁਲਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।ਮਿਲੀ ਜਾਣਕਾਰੀ ਮੁਤਾਬਕ ਕਾਂਗਰਸੀ ਕੌਸਲਰ ਗੁਰਮੀਤ ਕੌਰ ਦੇ ਪੁੱਤਰ ਦਾ ਕਹਿਣਾ ਹੈ ਕਿ ਗਿੰਨੀ ਗੈਂਗਸਟਰ ਹੈ ਅਤੇ ਉਸ ਨਾਲ ਸਵੇਰੇ ਮਾਮੂਲੀ ਝਗੜਾ ਹੋਇਆ ਸੀ ਜਿਸ ਤੋਂ ਬਾਅਦ ਉਸ ਨੇ ਆਪਣੇ ਸਾਥੀਆਂ ਨਾਲ ਮਿਲ ਕੇ ਪਹਿਲਾਂ ਗੋਲੀਆਂ ਚਲਾਈਆਂ ਅਤੇ ਫਿਰ ਇੱਟਾਂ ਪੱਥਰ ਵਰ੍ਹਾਉਣੇ ਸ਼ੁਰੂ ਕਰ ਦਿੱਤੇ। ਉਨ੍ਹਾਂ ਉਕਤ ਨੌਜਵਾਨ ਖ਼ਿਲਾਫ਼ ਸਖ਼ਤ ਕਾਰਵਾਈ ਕੀਤੇ ਜਾਣ ਦੀ ਮੰਗ ਕੀਤੀ ਹੈ। ਉਥੇ ਹੀ ਪੁਲਸ ਦੇ ਆਲਾ ਅਧਿਕਾਰੀ ਮੌਕੇ ‘ਤੇ ਪਹੁੰਚੇ ਅਤੇ ਜਾਂਚ ਸ਼ੁਰੂ ਕਰ ਦਿੱਤੀ। ਪੁਲਸ ਦੇ ਆਲਾ ਅਧਿਕਾਰੀਆਂ ਮੁਤਾਬਕ ਜਿੰਨੀਆਂ ਵੀ ਮੌਕੇ ਦੀਆਂ ਵੀਡੀਓਜ਼ ਸਾਹਮਣੇ ਆਈਆਂ ਹਨ, ਕਬਜ਼ੇ ‘ਚ ਲੈ ਲਈਆਂ ਗਈਆਂ ਹਨ। ਗਿੰਨੀ ਗੈਂਗਸਟਰ ਹੈ ਜਾਂ ਨਹੀਂ, ਇਸ ਦੀ ਜਾਂਚ ਕੀਤੀ ਜਾ ਰਹੀ ਹੈ।