ਅਕਸਰ ਵਿਵਾਦਾਂ ਵਿਚ ਰਹਿਣ ਵਾਲੀ ਅੰਮ੍ਰਿਤਸਰ ਦੀ ਕੇਂਦਰੀ ਜੇਲ ਵਿਚ ਇਕ 29 ਸਾਲਾ ਨੌਜਵਾਨ ਦੀ ਸ਼ੱਕੀ ਹਾਲਾਤ ਵਿਚ ਮੌਤ ਹੋ ਗਈ। ਮ੍ਰਿਤਕ ਨੌਜਵਾਨ ਦੀ ਪਛਾਣ ਮਨਦੀਪ ਸਿੰਘ ਵਾਸੀ ਸੰਗਰੂਰ ਵਜੋਂ ਹੋਈ ਹੈ। ਮ੍ਰਿਤਕ ਨੌਜਵਾਨ 307 ਦੇ ਮੁਕੱਦਮੇ ਤਹਿਤ ਜੇਲ ਵਿਚ ਬੰਦ ਸੀ। ਸੂਤਰਾਂ ਮੁਤਾਬਕ ਨੌਜਵਾਨ ਦੀ ਮੌਤ ਨਸ਼ੇ ਦੀ ਓਵਰਡੋਜ਼ ਨਾਲ ਹੋਈ ਹੈ। ਇਹ ਵੀ ਦੱਸਿਆ ਜਾ ਰਿਹਾ ਹੈ ਕਿ ਨਸ਼ਾ ਕਰਦੇ ਸਮੇਂ ਸਰਿੰਜ ਉਸ ਦੇ ਅੰਦਰ ਹੀ ਰਹਿ ਗਈ। ਦੂਜੇ ਪਾਸੇ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਉਨ੍ਹਾਂ ਨੂੰ ਮਨਦੀਪ ਦੀ ਮ੍ਰਿਤਕ ਦੇਹ ਦਿੱਤੀ ਜਾਵੇ ਅਤੇ ਪੋਸਟਮਾਰਟਮ ਕਰਵਾ ਕੇ ਬਣਦੀ ਕਾਰਵਾਈ ਕੀਤੀ ਜਾਵੇ। ਉਧਰ ਪ੍ਰਸ਼ਾਸਨ ਵਲੋਂ ਮ੍ਰਿਤਕ ਨੌਜਵਾਨ ਦੇ ਪੋਸਟਮਾਰਟਮ ਲਈ ਤਿੰਨ ਡਾਕਟਰਾਂ ਦਾ ਪੈਨਲ ਬਣਾਇਆ ਗਿਆ ਹੈ। ਫਿਲਹਾਲ ਜੇਲ ਅਧਿਕਾਰੀਆਂ ਦਾ ਕਹਿਣਾ ਹੈ ਕਿ ਪੋਸਟਮਾਰਟਮ ਦੀ ਰਿਪੋਰਟ ਤੋਂ ਬਾਅਦ ਹੀ ਮ੍ਰਿਤਕ ਨੌਜਵਾਨ ਦੀ ਮੌਤ ਦੇ ਅਸਲ ਕਾਰਨਾਂ ਦਾ ਪਤਾ ਲੱਗ ਸਕੇਗਾ।