- ਬੀਤੀ 10 ਮਾਰਚ ਨੂੰ ਹੀ ਉਤਰਾਖੰਡ ਦੇ ਮੁੱਖ ਮੰਤਰੀ ਦਾ ਅਹੁਦਾ ਸੰਭਾਲਣ ਵਾਲੇ ਤੀਰਥ ਸਿੰਘ ਰਾਵਤ ਨੇ ਸ਼ੁੱਕਰਵਾਰ ਦੇਰ ਰਾਤ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਪਿਛਲੇ ਤਿੰਨ ਦਿਨਾਂ ਤੋਂ ਦਿੱਲੀ ਵਿਚ ਰੁਕੇ ਤੀਰਥ ਨੂੰ ਸ਼ੁੱਕਰਵਾਰ ਦੁਪਹਿਰ ਭਾਜਪਾ ਪ੍ਰਧਾਨ ਜੇਪੀ ਨੱਡਾ ਨੇ ਵਿਧਾਨ ਸਭਾ ਚੋਣਾਂ ਵਿਚ ਆ ਰਹੀ ਸੰਵਿਧਾਨਕ ਰੁਕਾਵਟ ਦੀ ਜਾਣਕਾਰੀ ਦਿੰਦੇ ਹੋਏ ਸਪਸ਼ਟ ਕੀਤਾ ਸੀ ਕਿ ਉਨ੍ਹਾਂ ਨੂੰ ਮੁੱਖ ਮੰਤਰੀ ਦਾ ਅਹੁਦਾ ਛੱਡਣਾ ਪਵੇਗਾ। ਇਸ ਤੋਂ ਬਾਅਦ ਤੀਰਥ ਉਨ੍ਹਾਂ ਨੂੰ ਆਪਣੇ ਅਸਤੀਫ਼ੇ ਦੀ ਪੇਸ਼ਕਸ਼ ਦਾ ਪੱਤਰ ਸੌਂਪ ਕੇ ਦੇਹਰਾਦੂਨ ਪਰਤ ਆਏ। ਮੁੱਖ ਮੰਤਰੀ ਤੀਰਥ ਨੇ ਰਾਤ ਸਵਾ 11 ਵਜੇ ਰਾਜਭਵਨ ਜਾ ਕੇ ਰਾਜਪਾਲ ਬੇਬੀ ਰਾਣੀ ਮੌਰਿਆ ਨੂੰ ਅਸਤੀਫ਼ਾ ਸੌਂਪਿਆ। ਰਾਜਪਾਲ ਨੇ ਉਨ੍ਹਾਂ ਦਾ ਅਸਤੀਫ਼ਾ ਮਨਜ਼ੂਰ ਕਰਦੇ ਹੋਏ ਨਵੇਂ ਮੁੱਖ ਮੰਤਰੀ ਦੇ ਕਾਰਜਭਾਰ ਸੰਭਾਲਣ ਤਕ ਕਾਰਜਕਾਰੀ ਮੁੱਖ ਮੰਤਰੀ ਦੇ ਰੂਪ ਵਿਚ ਬਣੇ ਰਹਿਣ ਲਈ ਕਿਹਾ। ਨਵੇਂ ਨੇਤਾ ਚੁਣਨ ਲਈ ਭਾਜਪਾ ਵਿਧਾਇਕ ਦਲ ਦੀ ਮੀਟਿੰਗ ਸ਼ਨੀਵਾਰ ਦੁਪਹਿਰ 3 ਵਜੇ ਦੇਹਰਾਦੂਨ ਵਿਚ ਸੱਦੀ ਗਈ ਹੈ। ਇਹ ਲਗਪਗ ਤੈਅ ਮੰਨਿਆ ਜਾ ਰਿਹਾ ਹੈ ਕਿ ਇਸ ਵਾਰ ਨਵੇਂ ਆਗੂ ਦੀ ਚੋਣ ਵਿਧਾਇਕਾਂ ਵਿਚੋਂ ਹੀ ਕੀਤੀ ਜਾਵੇਗੀ। ਉੱਤਰਾਖੰਡ ਦੇ ਮੁੱਖ ਮੰਤਰੀ ਤੀਰਥ ਸਿੰਘ ਰਾਵਤ ਨੇ ਭਾਜਪਾ ਦੇ ਰਾਸ਼ਟਰੀ ਪ੍ਰਧਾਨ ਜੇਪੀ ਨੱਡਾ ਨੂੰ ਪੱਤਰ ਦਿੱਤਾ ਹੈ ਕਿ ਉਹ ਅਸਤੀਫਾ ਦੇਣਾ ਚਾਹੁੰਦੇ ਹਨ। ਸੂਤਰਾਂ ਅਨੁਸਾਰ, ਇਸਦੇ ਪਿੱਛੇ ਦੀ ਵਜ੍ਹਾ ਸੰਵਿਧਾਨਕ ਸੰਕਟ ਪੈਦਾ ਹੋਣਾ ਦੱਸਿਆ ਜਾ ਰਿਹਾ ਹੈ। ਉੱਤਰਾਖੰਡ ਦੇ ਮੁੱਖ ਮੰਤਰੀ ਤੀਰਥ ਸਿੰਘ ਰਾਵਤ ਦਿੱਲੀ ਵਿਚ ਭਾਜਪਾ ਪ੍ਰਧਾਨ ਜੇਪੀ ਨੱਡਾ ਨਾਲ ਮੁਲਾਕਾਤ ਲਈ ਉਨ੍ਹਾਂ ਦੀ ਰਿਹਾਇਸ਼ ’ਤੇ ਪੁੱਜੇ। ਇਸ ਤੋਂ ਪਹਿਲਾਂ ਉਨ੍ਹਾਂ ਨੇ ਬੁੱਧਵਾਰ ਰਾਤ ਨੂੰ ਵੀ ਪਾਰਟੀ ਪ੍ਰਧਾਨ ਨਾਲ ਮੁਲਾਕਾਤ ਕੀਤੀ ਸੀ।