ਆਮ ਆਦਮੀ ਪਾਰਟੀ ਦੇ ਕੌਮੀ ਬੁਲਾਰੇ ਰਾਘਵ ਚੱਢਾ ਨੇ ਨਵੇਂ ਖੇਤੀ ਕਾਨੂੰਨਾਂ ਖਿਲਾਫ਼ ਅੰਦੋਲਨ ਕਰਨ ਵਾਲੇ ਕਿਸਾਨਾਂ ਦੇ ਅਦਾਲਤੀ ਕੇਸਾਂ ਵਿਚ ਦਿੱਲੀ ਸਰਕਾਰ ਦੇ ਵਕੀਲਾਂ ਨੂੰ ਬਦਲਣ ਦੀ ਕੋਸ਼ਿਸ਼ ਨੂੰ ਕਰੜੇ ਹੱਥੀਂ ਲਿਆ ਹੈ। ਉਨ੍ਹਾਂ ਕਿਹਾ ਕਿ ਭਾਜਪਾ ਦੀ ਸਰਕਾਰ ਕਿਸਾਨਾਂ ਨੂੰ ਨੁਕਸਾਨ ਪਹੁੰਚਾਉਣ ਅਤੇ ਬਦਲਾ ਲੈਣ ਦੇ ਉਦੇਸ਼ ਨਾਲ ਕੇਜਰੀਵਾਲ ਸਰਕਾਰ ਦੇ ਵਕੀਲਾਂ ਨੂੰ ਹਟਾਉਣਾ ਚਾਹੁੰਦੀ ਹੈ। ਉਨ੍ਹਾਂ ਪੁੱਛਿਆ ਕਿ ਕਿਸ ਮਕਸਦ ਨਾਲ ਦਿੱਲੀ ਸਰਕਾਰ ਦੇ ਵਕੀਲਾਂ ਨੂੰ ਬਦਲਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ? ਕੀ ਭਾਜਪਾ ਦੀ ਇੱਛਾ ਸਿਰਫ ਬਦਲਾ ਲੈਣ, ਕਿਸਾਨਾਂ ਨੂੰ ਸਜ਼ਾ ਦਿਵਾਉਣ ਅਤੇ ਅੰਦੋਲਨ ਨੂੰ ਬਦਨਾਮ ਕਰਨ ਦੀ ਹੈ ਚੱਢਾ ਨੇ ਕਿਹਾ ਕਿ ਕੇਂਦਰ ਸਰਕਾਰ ਲਗਾਤਾਰ ਝਗੜਾਲੂ ਹੁੰਦੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਭਾਜਪਾ ਨਿਰਪੱਖ ਨਿਆਂਇਕ ਕਾਰਵਾਈ ਵਿਚ ਦਖਲ ਨਾ ਦੇਵੇ ਤੇ ਨਿਰਦੋਸ਼ ਕਿਸਾਨਾਂ ਨੂੰ ਸਜ਼ਾ ਦਿਵਾਉਣ ਦੀਆਂ ਨਾਪਾਕ ਕੋਸ਼ਿਸ਼ਾਂ ਬੰਦ ਕਰੇ।