ਯੂਥ ਅਕਾਲੀ ਦਲ ਦੇ ਸਰਪ੍ਰਸਤ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਪੰਜਾਬ ਸਰਕਾਰ ਨੂੰ ਸ਼ਰਾਬ ਦੇ ਠੇਕੇ ਨਹੀਂ, ਗੁਰੂ ਘਰ ਖੋਲ੍ਹਣੇ ਚਾਹੀਦੇ ਹਨ, ਜਿੱਥੋਂ ਹਰ ਮਰਜ਼ ਦੀ ਦਵਾ ਮਿਲਦੀ ਹੈ। ਉਨ੍ਹਾਂ ਕਿਹਾ ਕਿ ਮੌਜੂਦਾ ਕੋਰੋਨਾ ਸੰਕਟ ਦੌਰਾਨ ਲੋਕਾਂ ਨੂੰ ਗੁਰੂ ਘਰ ਜਾ ਕੇ ਆਤਮਿਕ ਸ਼ਾਂਤੀ ਸਕੂਨ ਮਿਲਦਾ ਹੈ। ਉਨ੍ਹਾਂ ਕਿਹਾ ਕਿ ਗੁਰੂ ਘਰਾਂ ਨੂੰ ਪੰਜਾਬ ਸਰਕਾਰ ਵਲੋਂ ਬੰਦ ਕਰ ਦਿੱਤਾ ਗਿਆ ਹੈ, ਜਦਕਿ ਸਮਾਜ ਨੂੰ ਨੁਕਸਾਨ ਪਹੁੰਚਾਉਣ ਵਾਲੇ ਸ਼ਰਾਬ ਦੇ ਕਾਰੋਬਾਰੀਆਂ ਨੂੰ ਠੇਕੇ ਖੋਲ੍ਹਣ ਦੀ ਇਜਾਜ਼ਤ ਦੇ ਦਿੱਤੀ ਗਈ ਹੈ। ਸ. ਮਜੀਠੀਆ ਅੱਜ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਨਤਮਸਤਕ ਹੋਣ ਲਈ ਪਹੁੰਚੇ ਸਨ। ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਦੇ ਪ੍ਰਬੰਧਕਾਂ ਵਲੋਂ ਉਨ੍ਹਾਂ ਨੂੰ ਸਿਰੋਪਾਓ ਵੀ ਦਿੱਤਾ ਗਿਆ।