ਆਖਰਕਾਰ ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਸੁਰੇਸ਼ ਕੁਮਾਰ ਨੇ ਮੰਗਲਵਾਰ ਨੂੰ ਦੁਬਾਰਾ ਦਫ਼ਤਰ ਸੰਭਾਲ ਲਿਆ ਹੈ। ਪੰਜਾਬ ਸਕੱਤਰੇਤ ‘ਚ ਕੁਰਸੀ ਸੰਭਾਲਦੇ ਹੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਉਨ੍ਹਾਂ ਨੂੰ ਅਹਿਮ ਜ਼ਿੰਮੇਵਾਰੀ ਸੌਂਪ ਦਿੱਤੀ ਹੈ।ਮੁੱਖ ਮੰਤਰੀ ਨੇ ਸੁਰੇਸ਼ ਕੁਮਾਰ ਨੂੰ ਪੰਜਾਬ ਯੂਥ ਕਾਂਗਰਸ ਨੂੰ ਸਰਕਾਰ ਦੀਆਂ ਪ੍ਰਾਪਤੀਆਂ ਤੇ ਬਰਗਾੜੀ ਮਾਮਲੇ ਦੀ ਜਾਂਚ ਵਰਗੇ ਅਹਿਮ ਮੁੱਦਿਆਂ ਸਬੰਧੀ ਲਗਾਤਾਰ ਜਾਣਕਾਰੀ ਦੇਣ ਲਈ ਇਕ ਅਧਿਕਾਰੀ ਤਾਇਨਾਤ ਕਰਨ ਦੇ ਨਿਰਦੇਸ਼ ਦਿੱਤੇ ਹਨ ਤਾਂ ਜੋ ਲੋਕਾਂ ‘ਚ ਕੀਤੇ ਜਾ ਰਹੇ ਗੁੰਮਰਾਹਕੁੰਨ ਪ੍ਰਚਾਰ ਦੀ ਥਾਂ ’ਤੇ ਉਨ੍ਹਾਂ ਤੱਕ ਸਹੀ ਤੱਥ ਪੁੱਜਦੇ ਕੀਤੇ ਜਾ ਸਕਣ।ਮੁੱਖ ਮੰਤਰੀ ਨੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਅਤੇ ਐੱਸ. ਐੱਸ. ਪੀਜ਼. ਨੂੰ ਪੰਜਾਬ ਯੂਥ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨਾਂ ਨਾਲ ਉਨ੍ਹਾਂ ਦੇ ਮਸਲੇ ਸੁਲਝਾਉਣ ਅਤੇ ਸੂਬੇ ਦੀ ਨੌਜਵਾਨੀ ਸਬੰਧੀ ਉਨ੍ਹਾਂ ਦੀਆਂ ਚਿੰਤਾਵਾਂ ਦੂਰ ਕਰਨ ਲਈ ਰੋਜ਼ਾਨਾ ਤੌਰ ‘ਤੇ ਮੁਲਾਕਾਤ ਕਰਦੇ ਰਹਿਣ ਦੇ ਵੀ ਨਿਰਦੇਸ਼ ਦਿੱਤੇ। ਮੁੱਖ ਮੰਤਰੀ ਦੀ ਸਰਗਰਮੀ ਨੂੰ ਦੇਖਦਿਆਂ ਸਿਆਸੀ ਗਲਿਆਰਿਆਂ ‘ਚ ਚਰਚਾ ਵੀ ਛਿੜ ਗਈ ਹੈ ਕਿ ਸਰਕਾਰ ਹੁਣ 2022 ਦੇ ਚੋਣਾਵੀ ਮੋੜ ‘ਚ ਆ ਗਈ ਹੈ।