ਸਮਾਗਮ ’ਚ ਮਤੇ ਪਾਸ ਕਰ ਕੇ ਬੇਅਦਬੀ ਦੇ ਮਾਮਲਿਆਂ ’ਚ ਇਨਸਾਫ਼ ਦੇਣ, ਗੁੰਮ ਹੋਏ ਪਾਵਨ ਸਰੂਪਾਂ ਦੇ ਦੋਸ਼ੀਆਂ ਖ਼ਿਲਾਫ਼ ਕਾਰਵਾਈ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਆਮ ਚੋਣਾਂ ਤੁਰੰਤ ਕਰਾਉਣ ਦੀ ਮੰਗ ਕੀਤੀ ਗਈ।
ਇਸ ਮੌਕੇ ਪਾਸ ਕੀਤੇ ਮਤਿਆਂ ਨੂੰ ਹਾਜ਼ਰ ਸੰਗਤ ਵੱਲੋਂ ਪ੍ਰਵਾਨਗੀ ਦਿੱਤੀ ਗਈ। ਮਤਿਆਂ ’ਚ ਸ਼ਾਮਲ ਸੀ ਕਿ ਸਾਲ 2015 ’ਚ ਪਿੰਡ ਬੁਰਜ ਜਵਾਹਰ ਸਿੰਘ ਵਾਲਾ ਦੇ ਗੁਰਦੁਆਰਾ ਸਾਹਿਬ ’ਚੋਂ ਗੁਰੂ ਗ੍ਰੰਥ ਸਾਹਿਬ ਦੀ ਬੀੜ ਨੂੰ ਚੋਰੀ ਕਰਨ ਮਗਰੋਂ ਪਵਿੱਤਰ ਅੰਗਾਂ ਨੂੰ ਬਰਗਾੜੀ ਪਿੰਡ ਦੀਆਂ ਗਲੀਆਂ ’ਚ ਰੋਲਿਆ ਗਿਆ। ਘਟਨਾ ਦੇ 8 ਸਾਲ ਬੀਤਣ ਮਗਰੋਂ ਵੀ ਸਮੇਂ ਦੀਆਂ ਸਰਕਾਰਾਂ ਵੱਲੋਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਗਿਆ। ਮਤੇ ਰਾਹੀਂ ਪੰਜਾਬ ਸਰਕਾਰ ਤੋਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਕੇ ਸਜ਼ਾਵਾਂ ਦੇਣ ਦੀ ਮੰਗ ਕੀਤੀ ਗਈ। ਇਕ ਹੋਰ ਮਤੇ ਰਾਹੀਂ ਬਹਿਬਲ ਗੋਲੀ ਕਾਂਡ ਅਤੇ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀਆਂ ਘਟਨਾਵਾਂ ਦੇ ਰੋਸ ਵਜੋਂ ਕੋਟਕਪੂਰਾ ਵਿੱਚ ਰੋਸ ਧਰਨਾ ਦੇ ਰਹੀਆਂ ਸੰਗਤਾਂ ’ਤੇ ਪੁਲੀਸ ਵੱਲੋਂ ਕੀਤੀ ਕਾਰਵਾਈ ’ਚ ਨਾਮਜ਼ਦ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਨ ਦੀ ਮੰਗ ਕੀਤੀ ਗਈ।