ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਦੇ ਸਾਬਕਾ ਮੁੱਖ ਮੰਤਰੀ ਤੇ ਕਾਂਗਰਸੀ ਆਗੂ ਚਰਨਜੀਤ ਸਿੰਘ ਚੰਨੀ ਨੂੰ ਭ੍ਰਿਸ਼ਟਾਚਾਰ ਅਤੇ ਆਮਦਨ ਤੋਂ ਵੱਧ ਜਾਇਦਾਦ ਮਾਮਲੇ ਦੀ ਤਫ਼ਤੀਸ਼ ਵਿੱਚ ਸ਼ਾਮਲ ਹੋਣ ਲਈ 13 ਜੂਨ ਨੂੰ ਮੁੜ ਸੱਦਿਆ ਹੈ। ਵਿਜੀਲੈਂਸ ਦੇ ਇੱਕ ਉਚ ਅਧਿਕਾਰੀ ਨੇ ਇਸ ਦੀ ਪੁਸ਼ਟੀ ਕਰਦਿਆਂ ਦੱਸਿਆ ਕਿ ਬਿਊਰੋ ਦੇ ਰੋਪੜ ਯੂਨਿਟ ਨੇ ਪਿਛਲੇ ਕਈ ਮਹੀਨਿਆਂ ਤੋਂ ਸਾਬਕਾ ਮੁੱਖ ਮੰਤਰੀ ਦੇ ਖਿਲਾਫ਼ ਭ੍ਰਿਸ਼ਟਾਚਾਰ ਅਤੇ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲਿਆਂ ਦੀ ਜਾਂਚ ਆਰੰਭੀ ਹੋਈ ਹੈ। ਵਿਜੀਲੈਂਸ ਸੂਤਰਾਂ ਦਾ ਦੱਸਣਾ ਹੈ ਕਿ ਸਾਬਕਾ ਮੁੱਖ ਮੰਤਰੀ ਤੋਂ ਜਾਇਦਾਦ ਅਤੇ ਬੈਂਕ ਖਾਤਿਆਂ ਆਦਿ ਦੀ ਜਾਣਕਾਰੀ ਵੀ ਮੰਗੀ ਹੈ। ਇਸ ਤੋਂ ਪਹਿਲਾਂ ਵਿਜੀਲੈਂਸ ਦੇ ਤਫ਼ਤੀਸ਼ੀ ਅਫ਼ਸਰਾਂ ਨੇ ਜਲੰਧਰ ਸੰਸਦੀ ਹਲਕੇ ਦੀ ਜ਼ਿਮਨੀ ਚੋਣ ਤੋਂ ਪਹਿਲਾਂ 14 ਅਪਰੈਲ ਨੂੰ ਸ੍ਰੀ ਚੰਨੀ ਨੂੰ ਪੁੱਛ-ਪੜਤਾਲ ਲਈ ਸੱਦਿਆ ਸੀ ਤੇ ਤਫ਼ਤੀਸ਼ੀ ਅਫ਼ਸਰਾਂ ਨੇ ਬਿਊਰੋ ਦਾ ਨਿਰਧਾਰਤ ਪ੍ਰੋਫਾਰਮਾ ਭਰ ਕੇ ਦੇਣ ਤੇ ਸੰਪਤੀਆਂ ਸਬੰਧੀ ਹੋਰ ਜਾਣਕਾਰੀ ਦੇਣ ਲਈ ਕਿਹਾ ਸੀ। ਵਿਜੀਲੈਂਸ ਨੇ 100 ਦੇ ਕਰੀਬ ਸਵਾਲ ਪੁੱਛੇ ਸਨ।