ਆਮ ਆਦਮੀ ਪਾਰਟੀ ਨੇ ਸੁਪਰੀਮ ਕੋਰਟ ਦੇ ਚੀਫ਼ ਜਸਟਿਸ (ਸੀਜੇਆਈ) ਦੀ ਥਾਂ ਚੋਣ ਕਮਿਸ਼ਨ ਦੇ ਮੁੱਖ ਚੋਣ ਕਮਿਸ਼ਨਰ ਦੀ ਨਿਯੁਕਤੀ ਲਈ ਉੱਚ ਪੱਧਰੀ ਕਮੇਟੀ ਵਿੱਚ ਇੱਕ ਕੈਬਨਿਟ ਮੰਤਰੀ ਨੂੰ ਸ਼ਾਮਲ ਕਰਨ ਦੇ ਬਿੱਲ ਨੂੰ ਲੈ ਕੇ ਭਾਜਪਾ 'ਤੇ ਹਮਲਾ ਬੋਲਿਆ ਹੈ ਅਤੇ ਇਸ ਕਦਮ ਦੀ ਸਖ਼ਤ ਆਲੋਚਨਾ ਕੀਤੀ ਹੈ।
ਸ਼ੁੱਕਰਵਾਰ ਨੂੰ ਚੰਡੀਗੜ੍ਹ 'ਚ ਪ੍ਰੈੱਸ ਕਾਨਫਰੰਸ ਦੌਰਾਨ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਭਾਜਪਾ ਦੇਸ਼ ਦੇ ਲੋਕਤੰਤਰ ਅਤੇ ਸੰਵਿਧਾਨ ਲਈ ਸਭ ਤੋਂ ਵੱਡਾ ਖਤਰਾ ਹੈ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਦੇਸ਼ ਦੀਆਂ ਮਹੱਤਵਪੂਰਨ ਲੋਕਤਾਂਤਰਿਕ ਸੰਸਥਾਵਾਂ 'ਤੇ ਇਕ-ਇਕ ਕਰਕੇ ਕਬਜ਼ਾ ਕਰ ਰਹੀ ਹੈ ਅਤੇ ਉਨ੍ਹਾਂ ਦਾ ਸਿਆਸੀਕਰਨ ਕਰ ਰਹੀ ਹੈ।
ਚੀਮਾ ਨੇ ਕਿਹਾ ਕਿ ਦੇਸ਼ ਤਾਨਾਸ਼ਾਹੀ ਵੱਲ ਵਧ ਰਿਹਾ ਹੈ ਕਿਉਂਕਿ ਮੋਦੀ ਸਰਕਾਰ ਲਗਾਤਾਰ ਸੁਪਰੀਮ ਕੋਰਟ ਦਾ ਨਿਰਾਦਰ ਕਰ ਰਹੀ ਹੈ ਅਤੇ ਸੁਪਰੀਮ ਕੋਰਟ ਦੇ ਫੈਸਲਿਆਂ ਨੂੰ ਮਨਮਾਨੇ ਢੰਗ ਨਾਲ ਰੱਦ ਕਰ ਰਹੀ ਹੈ। ਸੁਪਰੀਮ ਕੋਰਟ ਵੱਲੋਂ ਜੋ ਵੀ ਫੈਸਲਾ ਦਿੱਤਾ ਜਾਂਦਾ ਹੈ, ਇਕ-ਇਕ ਕਰਕੇ ਕੇਂਦਰ ਸਰਕਾਰ ਸੰਸਦ ਦੀ ਦੁਰਵਰਤੋਂ ਕਰਕੇ ਸਾਰੇ ਫੈਸਲਿਆਂ ਨੂੰ ਪਲਟ ਰਹੀ ਹੈ। ਇਹ ਮਾਨਸਿਕਤਾ ਦੇਸ਼ ਦੇ ਲੋਕਤੰਤਰ ਲਈ ਬਹੁਤ ਖਤਰਨਾਕ ਹੈ।