ਅਮਰੀਕਾ : ਸਿਨਸਿਨੈਟੀ 'ਚ 6ਵੇਂ ਸਲਾਨਾ ਵਿਸ਼ਵ ਧਰਮ ਸੰਮੇਲਨ 'ਚ ਸਿੱਖਾਂ ਨੇ ਕੀਤੀ ਸ਼ਮੂਲੀਅਤ

ਅਮਰੀਕਾ : ਸਿਨਸਿਨੈਟੀ 'ਚ 6ਵੇਂ ਸਲਾਨਾ ਵਿਸ਼ਵ ਧਰਮ ਸੰਮੇਲਨ 'ਚ ਸਿੱਖਾਂ ਨੇ ਕੀਤੀ ਸ਼ਮੂਲੀਅਤ
ਬੀਤੇ ਦਿਨ ਅਮਰੀਕਾ ਦੇ ਸੂਬੇ ਓਹਾਈਓ ਦੇ ਸ਼ਹਿਰ ਸਿਨਸਿਨੈਟੀ ਦੀ ਜ਼ੇਵੀਅਰ ਯੂਨੀਵਰਸਿਟੀ ਵਿਖੇ 6ਵਾਂ ਸਲਾਨਾ “ਸਿਨਸਨੈਟੀ ਫੈਸਟੀਵਲ ਆਫ ਫੇਥਸ” (ਵਿਸ਼ਵ ਧਰਮ ਸੰਮੇਲਨ) ਦਾ ਆਯੋਜਨ ਕੀਤਾ ਗਿਆ। ‘ਇਕੁਏਜ਼ਨ’ ਸੰਸਥਾ ਵਲੋਂ ਕਰਵਾਏ ਜਾਂਦੇ ਇਸ ਸੰਮੇਲਨ ਵਿੱਚ 13 ਪ੍ਰਮੁੱਖ ‘ਵਿਸ਼ਵ ਧਰਮਾ’ ਦੇ ਲੋਕ ਅਤੇ 30 ਤੋਂ ਵੱਧ ਧਾਰਮਿਕ ਸੰਸਥਾਵਾਂ ਇਕ ਵਾਰ ਫਿਰ ਇਕਜੁੱਟ ਹੋਈਆਂ ਅਤੇ ਵੱਖ-ਵੱਖ ਧਰਮਾਂ, ਸਭਿਆਚਾਰਾਂ ਬਾਰੇ ਸਿੱਖਿਆ ਦੇਣ ਅਤੇ ਲੈਣ ਲਈ ਵੱਡੀ ਗਿਣਤੀ ਵਿੱਚ ਲੋਕ ਇਕੱਠੇ ਹੋਏ।

ਸਿਨਸਿਨੈਟੀ ਅਤੇ ਨੇੜਲੇ ਸ਼ਹਿਰ ਡੇਟਨ ਦੇ ਸਿੱਖਾਂ ਨੇ ਇਸ ਸਮਾਗਮ ਵਿੱਚ ਹਿੱਸਾ ਲਿਆ। ਪਿਛਲੇ ਸਾਲ ਵਾਂਗ ਸਿੱਖ ਭਾਈਚਾਰੇ ਵਲੋਂ ਆਏ ਹੋਏ ਹਜਾਰਾਂ ਮਹਿਮਾਨਾਂ ਲਈ ਲੰਗਰ ਦੀ ਵੀ ਸੇਵਾ ਕੀਤੀ ਗਈ। ਇਸ ਸਾਲ ਹਿੰਦੂ ਭਾਈਚਾਰੇ ਨੇ ਸਿੱਖ ਸੰਗਤ ਨਾਲ ਲੰਗਰ ਦੀ ਸੇਵਾ ਵਿੱਚ ਯੋਗਦਾਨ ਪਾਇਆ। ਆਏ ਹੋਏ ਮਹਿਮਾਨਾਂ ਨੂੰ ਸਿੱਖ ਧਰਮ ਵਿਚ ਲੰਗਰ ਅਤੇ ਸੇਵਾ ਦੀ ਮਹੱਤਤਾ ਬਾਰੇ ਜਾਣ ਕੇ ਬਹੁਤ ਖੁਸ਼ੀ ਹੋਈ ਤੇ ਉਹਨਾਂ ਨੇ ਸਿੱਖਾਂ ਦਾ ਧੰਨਵਾਦ ਕੀਤਾ। ਫੈਸਟੀਵਲ ਦਾ ਉਦਘਾਟਨ ਵੱਖ-ਵੱਖ ਧਰਮਾਂ ਦੀ ਅਰਦਾਸ ਨਾਲ ਹੋਇਆ। ਵੱਖ-ਵੱਖ ਧਰਮਾਂ ਦੇ ਨੁਮਾਇੰਦਿਆਂ ਨੇ ਆਪਣੇ ਧਰਮ ਦੇ ਅਕੀਦੇ ਮੁਤਾਬਕ ਪਰਮਾਤਮਾ ਦਾ ਗੁਣ ਗਾਇਨ ਕੀਤਾ। ਮਰਹੂਮ ਜੈਪਾਲ ਸਿੰਘ ਜੋ ਕਿ ਇਸ ਸੰਮੇਲਨ ਦੇ ਮੁੱਖ ਸੰਸਥਾਪਕਾਂ ਵਿੱਚੋਂ ਸਨ ਦੀ ਪਤਨੀ ਅਸੀਸ ਕੌਰ ਨੇ ਸਿੱਖ ਧਰਮ ਦੀਆਂ ਮੂਲ ਬੁਨਿਆਦੀ ਸਿੱਖਿਆਵਾਂ, “ਮੂਲ ਮੰਤਰ” ਬਾਰੇ ਦੱਸਿਆ। ਉਹਨਾਂ ਕਿਹਾ ਕਿ ਜਿਵੇਂ ਪਾਣੀ ਪਾਣੀ ਵਿੱਚ ਅਤੇ ਪ੍ਰਕਾਸ਼ ਪ੍ਰਕਾਸ਼ ਵਿੱਚ ਅਭੇਦ ਹੋ ਜਾਂਦਾ ਹੈ, ਇਸ ਸਾਡੀ ਅਰਦਾਸ ਹੈ ਕਿ ਅਸੀਂ ਵੀ ਸਾਰੇ ਸਰਬੱਤ ਦਾ ਭਲਾ ਮੰਗ ਸ਼ਾਤੀ ਨਾਲ ਇਕੱਠੇ ਰਹੀਏ।