ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਐਨਐਸਏ ਤਹਿਤ ਬੰਦ ਖਾਲਿਸਤਾਨ ਸਮਰਥਕ ਤੇ ਖਡੂਰ ਸਾਹਿਬ ਤੋਂ ਲੋਕ ਸਭਾ ਚੋਣ ਜਿੱਤਣ ਵਾਲੇ ਅੰਮ੍ਰਿਤਪਾਲ ਸਿੰਘ 5 ਜੁਲਾਈ ਨੂੰ ਆਪਣੇ ਅਹੁਦੇ ਦੀ ਸਹੁੰ ਚੁੱਕਣਗੇ। ਇਸ ਦੇ ਨਾਲ ਹੀ ਉਹ ਸੰਸਦ ਮੈਂਬਰ ਬਣ ਜਾਣਗੇ। ਇਸ ਸਬੰਧੀ ਪੰਜਾਬ ਸਰਕਾਰ ਐਕਸ਼ਨ ਮੋਡ ਵਿੱਚ ਨਜ਼ਰ ਆ ਰਹੀ ਹੈ। ਸਰਕਾਰ ਤਰਫੋਂ ਲੋਕ ਸਭਾ ਸਪੀਕਰ ਨੂੰ ਪੱਤਰ ਲਿਖਿਆ ਗਿਆ ਹੈ।
ਦੂਜੇ ਪਾਸੇ ਪਤਾ ਲੱਗਾ ਹੈ ਕਿ ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਨੇ ਸਹੁੰ ਚੁੱਕ ਪ੍ਰਕਿਰਿਆ ਲਈ ਲੋਕ ਸਭਾ ਸਪੀਕਰ ਤੋਂ ਮਿਲਣ ਦਾ ਸਮਾਂ ਮੰਗਿਆ ਸੀ। ਸਰਕਾਰ ਵੱਲੋਂ ਵੀ ਲੋਕ ਸਭਾ ਸਪੀਕਰ ਓਮ ਬਿਰਲਾ ਨੂੰ ਇੱਕ ਅਰਜ਼ੀ ਭੇਜੀ ਗਈ ਸੀ। ਹਾਲ ਹੀ ਵਿੱਚ ਜੇਲ੍ਹ ਵਿੱਚ ਬੰਦ ਅੰਮ੍ਰਿਤਪਾਲ ਸਿੰਘ ਦੇ ਪਰਿਵਾਰ ਵੱਲੋਂ ਡੀਸੀ ਅੰਮ੍ਰਿਤਸਰ ਨੂੰ ਪੈਰੋਲ ਲਈ ਅਰਜ਼ੀ ਭੇਜੀ ਗਈ ਸੀ। ਇਸ ’ਤੇ ਕਾਰਵਾਈ ਕਰਦਿਆਂ ਪੰਜਾਬ ਸਰਕਾਰ ਵੱਲੋਂ ਲੋਕ ਸਭਾ ਸਪੀਕਰ ਨੂੰ ਅਰਜ਼ੀ ਭੇਜ ਦਿੱਤੀ ਗਈ ਹੈ।
ਅੰਮ੍ਰਿਤਪਾਲ ਸਿੰਘ ਦੇ ਵਕੀਲ ਤੇ ਸਾਬਕਾ ਸੰਸਦ ਮੈਂਬਰ ਰਾਜਦੇਵ ਸਿੰਘ ਖਾਲਸਾ ਨੇ ਦੱਸਿਆ ਕਿ ਅੰਮ੍ਰਿਤਪਾਲ ਸਿੰਘ ਖਿਲਾਫ ਅੰਮ੍ਰਿਤਸਰ 'ਚ ਨੈਸ਼ਨਲ ਸਕਿਓਰਿਟੀ ਐਕਟ (ਐਨਐਸਏ) ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਇਸ ਲਈ ਪੈਰੋਲ ਲਈ ਅਰਜ਼ੀ ਅੰਮ੍ਰਿਤਸਰ ਦੇ ਡੀਸੀ ਨੂੰ ਦਿੱਤੀ ਗਈ ਸੀ। ਇਸ ਤੋਂ ਬਾਅਦ ਇਹ ਅਰਜ਼ੀ ਪੰਜਾਬ ਦੇ ਗ੍ਰਹਿ ਵਿਭਾਗ ਨੂੰ ਭੇਜੀ ਗਈ। ਇਸ 'ਤੇ ਕਾਰਵਾਈ ਕਰਦਿਆਂ ਇਹ ਅਰਜ਼ੀ ਲੋਕ ਸਭਾ ਸਪੀਕਰ ਨੂੰ ਭੇਜ ਦਿੱਤੀ ਹੈ।