ਆਜ਼ਾਦੀ ਦਿਹਾੜੇ ਮੌਕੇ ਦੇਸ਼ ਦੀਆਂ ਸੜਕਾਂ 'ਤੇ ਬੁੱਕ ਰਹੇ ਕਿਸਾਨਾਂ ਦੇ ਟਰੈਕਟਰ, ਕੇਂਦਰ ਤੇ ਹਰਿਆਣਾ ਸਰਕਾਰ ਨੂੰ ਸਿੱਧੀ ਵੰਗਾਰ

ਆਜ਼ਾਦੀ ਦਿਹਾੜੇ ਮੌਕੇ ਦੇਸ਼ ਦੀਆਂ ਸੜਕਾਂ 'ਤੇ ਬੁੱਕ ਰਹੇ ਕਿਸਾਨਾਂ ਦੇ ਟਰੈਕਟਰ, ਕੇਂਦਰ ਤੇ ਹਰਿਆਣਾ ਸਰਕਾਰ ਨੂੰ ਸਿੱਧੀ ਵੰਗਾਰ
ਆਜ਼ਾਦੀ ਦਿਹਾੜੇ ਮੌਕੇ ਪੰਜਾਬ ਤੇ ਹਰਿਆਣਾ ਦੀਆਂ ਸੜਕਾਂ ਉਪਰ ਕਿਸਾਨਾਂ ਦੇ ਟਰੈਕਟਰ ਬੁੱਕ ਰਹੇ ਹਨ। ਫ਼ਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਾਰੰਟੀ ਦੀ ਮੰਗ ਨੂੰ ਲੈ ਕੇ ਕੇਂਦਰ ਸਰਕਾਰ ਖ਼ਿਲਾਫ਼ ਪਿਛਲੇ ਛੇ ਮਹੀਨਿਆਂ ਤੋਂ ਸੰਘਰਸ਼ ਕਰ ਰਹੀਆਂ ਕਿਸਾਨ ਜਥੇਬੰਦੀਆਂ ਵੱਲੋਂ ਪੰਜਾਬ ਤੇ ਹਰਿਆਣਾ ਸਮੇਤ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਟਰੈਕਟਰ ਮਾਰਚ ਕੱਢਿਆ ਜਾ ਰਿਹਾ ਹੈ। ਸ਼ੰਭੂ ਸਰਹੱਦ ਤੋਂ ਇਲਾਵਾ ਪੰਜਾਬ ਤੇ ਹਰਿਆਣਾ ਦੇ ਹਰ ਜ਼ਿਲ੍ਹੇ ਵਿੱਚ ਟਰੈਕਟਰ ਮਾਰਚ ਕੱਢਿਆ ਜਾ ਰਿਹਾ ਹੈ। 

ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਕਿਸਾਨ ਆਗੂਆਂ ਵੱਲੋਂ ਟਰੈਕਟਰ ਮਾਰਚ ਕੱਢਿਆ ਜਾ ਰਿਹਾ ਹੈ। ਇਸ ਲਈ ਕਿਸਾਨ ਆਗੂਆਂ ਨੇ ਖੁਦ ਮੋਰਚਾ ਸੰਭਾਲਿਆ ਹੋਇਆ ਹੈ। ਕਿਸਾਨਾਂ ਵੱਲੋਂ ਟਰੈਕਟਰਾਂ ’ਤੇ ਕੌਮੀ ਝੰਡੇ ਤੇ ਕਿਸਾਨੀ ਝੰਡਿਆਂ ਦੇ ਨਾਲ ਖਾਲਸਾਈ ਝੰਡੇ ਵੀ ਲਾਏ ਹੋਏ ਹਨ। ਇਸ ਦੇ ਨਾਲ ਹੀ ਪੁਲਿਸ ਵੀ ਪੂਰੀ ਤਰ੍ਹਾਂ ਅਲਰਟ ਮੋਡ 'ਤੇ ਹੈ। ਦੂਜੇ ਪਾਸੇ ਕਿਸਾਨ ਆਗੂਆਂ ਵੱਲੋਂ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਆਮ ਲੋਕਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।

ਦੱਸ ਦਈਏ ਕਿ 13 ਫਰਵਰੀ ਨੂੰ ਪੰਜਾਬ ਦੇ ਕਿਸਾਨ ਫਸਲਾਂ ਲਈ ਘੱਟੋ-ਘੱਟ ਸਮਰਥਨ ਮੁੱਲ ਦੀ ਮੰਗ ਨੂੰ ਲੈ ਕੇ ਦਿੱਲੀ ਲਈ ਰਵਾਨਾ ਹੋਏ ਸਨ, ਪਰ ਹਰਿਆਣਾ ਸਰਕਾਰ ਨੇ ਉਨ੍ਹਾਂ ਨੂੰ ਸ਼ੰਭੂ ਤੇ ਖਨੌਰੀ ਸਰਹੱਦ 'ਤੇ ਰੋਕ ਦਿੱਤਾ ਸੀ। ਕਿਸਾਨ ਉਦੋਂ ਤੋਂ ਹੀ ਉਥੇ ਬੈਠੇ ਹਨ। ਸੁਤੰਤਰਤਾ ਦਿਵਸ ਮੌਕੇ ਸ਼ੰਭੂ ਸਰਹੱਦ 'ਤੇ ਵੀ ਕਿਸਾਨ ਟਰੈਕਟਰ ਮਾਰਚ ਕੱਢ ਰਹੇ ਹਨ।