ਦੁਨਿਆ ਭਰ ਦੇ ਨੇਤਾਵਾਂ ਵੱਲੋਂ ਪਹਿਲਗਾਮ ਅੱਤਵਾਦੀ ਹਮਲੇ ਦੀ ਨਿੰਦਾ, ਅਮਰੀਕੀ ਰਾਸ਼ਟਰਪਤੀ ਟਰੰਪ ਵੱਲੋਂ ਵੱਡਾ ਬਿਆਨ

ਦੁਨਿਆ ਭਰ ਦੇ ਨੇਤਾਵਾਂ ਵੱਲੋਂ ਪਹਿਲਗਾਮ ਅੱਤਵਾਦੀ ਹਮਲੇ ਦੀ ਨਿੰਦਾ, ਅਮਰੀਕੀ ਰਾਸ਼ਟਰਪਤੀ ਟਰੰਪ ਵੱਲੋਂ ਵੱਡਾ ਬਿਆਨ

ਜੰਮੂ-ਕਸ਼ਮੀਰ ਦੇ ਪਹਿਲਗਾਮ ‘ਚ ਹੋਏ ਅੱਤਵਾਦੀ ਹਮਲੇ ਦੀ ਨਿੰਦਾ ਦੁਨੀਆ ਭਰ ਦੇ ਨੇਤਾਵਾਂ ਵੱਲੋਂ ਕੀਤੀ ਗਈ ਹੈ। ਇਸ ‘ਚ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ, ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਟਿਨ, ਅਮਰੀਕੀ ਉਪ ਰਾਸ਼ਟਰਪਤੀ ਜੇਡੀ ਵੈਂਸ, ਇਜ਼ਰਾਈਲ ਦੇ ਵਿਦੇਸ਼ ਮੰਤਰੀ ਗਿਦਓਨ ਸਾ’ਆਰ ਆਦਿ ਨੇ ਦੁੱਖ ਪ੍ਰਗਟਾਇਆ ਹੈ।

ਅਮਰੀਕਾ ਭਾਰਤ ਦੇ ਨਾਲ ਖੜਾ ਹੈ: ਡੋਨਾਲਡ ਟਰੰਪ

ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਪਹਿਲਗਾਮ ਅੱਤਵਾਦੀ ਹਮਲੇ ਦੀ ਕੜੇ ਸ਼ਬਦਾਂ ਦੇ ਵਿੱਚ ਨਿੰਦਾ ਕਰਦਿਆਂ ਲਿਖਿਆ: “ਕਸ਼ਮੀਰ ਤੋਂ ਆਈ ਖ਼ਬਰ ਬਹੁਤ ਪਰੇਸ਼ਾਨ ਕਰਨ ਵਾਲੀ ਹੈ। ਅੱਤਵਾਦ ਦੇ ਖਿਲਾਫ਼ ਭਾਰਤ ਦੇ ਨਾਲ ਅਮਰੀਕਾ ਪੂਰੀ ਤਰ੍ਹਾਂ ਖੜਾ ਹੈ। ਅਸੀਂ ਮਾਰੇ ਗਏ ਲੋਕਾਂ ਦੀ ਆਤਮਾ ਦੀ ਸ਼ਾਂਤੀ ਅਤੇ ਜ਼ਖਮੀਆਂ ਦੀ ਤੰਦਰੁਸਤੀ ਲਈ ਦੁਆ ਕਰਦੇ ਹਾਂ। ਪ੍ਰਧਾਨ ਮੰਤਰੀ ਮੋਦੀ ਅਤੇ ਭਾਰਤ ਦੇ ਅਦਭੁੱਤ ਲੋਕਾਂ ਨੂੰ ਸਾਡਾ ਪੂਰਾ ਸਮਰਥਨ ਅਤੇ ਡੂੰਘੀ ਸਾਂਝ ਹੈ। ਸਾਡੀਆਂ ਸੰਵੇਦਨਾਵਾਂ ਤੁਹਾਡੇ ਨਾਲ ਹਨ!”

ਭਾਰਤ ਦੌਰੇ ‘ਤੇ ਆਏ ਅਮਰੀਕੀ ਉਪ ਰਾਸ਼ਟਰਪਤੀ ਜੇਡੀ ਵੈਂਸ ਨੇ ਵੀ ਪਹਿਲਗਾਮ ਅੱਤਵਾਦੀ ਹਮਲੇ ‘ਤੇ ਦੁੱਖ ਜਤਾਇਆ। ਉਨ੍ਹਾਂ ਨੇ ਐਕਸ ‘ਤੇ ਲਿਖਿਆ: “ਉਸ਼ਾ ਅਤੇ ਮੈਂ ਭਾਰਤ ਦੇ ਪਹਿਲਗਾਮ ਵਿੱਚ ਹੋਏ ਅੱਤਵਾਦੀ ਹਮਲੇ ਦੇ ਪੀੜਤਾਂ ਪ੍ਰਤੀ ਆਪਣੀ ਸੰਵੇਦਨਾ ਪ੍ਰਗਟ ਕਰਦੇ ਹਾਂ। ਪਿਛਲੇ ਕੁਝ ਦਿਨਾਂ ਦੌਰਾਨ, ਅਸੀਂ ਇਸ ਦੇਸ਼ ਅਤੇ ਇੱਥੋਂ ਦੇ ਲੋਕਾਂ ਦੀ ਸੁੰਦਰਤਾ ਤੋਂ ਪ੍ਰਭਾਵਿਤ ਹੋਏ ਹਾਂ। ਇਸ ਡਰਾ ਦੇਣ ਵਾਲੇ ਹਮਲੇ ਉੱਤੇ ਦੁਖੀ ਹਾਂ, ਸਾਡੀਆਂ ਸੰਵੇਦਨਾਵਾਂ ਅਤੇ ਦੁਆਵਾਂ ਪੀੜਤਾਂ ਦੇ ਨਾਲ ਹਨ।”