ਹੜ੍ਹ ਪ੍ਰਭਾਵਿਤ ਇਲਾਕਿਆਂ ਵਿਚ ਸਿਹਤ ਵਿਭਾਗ ਲਗਾਤਾਰ ਲਗਾ ਰਿਹੈ ਮੈਡੀਕਲ ਕੈਂਪ

ਹੜ੍ਹ ਪ੍ਰਭਾਵਿਤ ਇਲਾਕਿਆਂ ਵਿਚ ਸਿਹਤ ਵਿਭਾਗ ਲਗਾਤਾਰ ਲਗਾ ਰਿਹੈ ਮੈਡੀਕਲ ਕੈਂਪ

 ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ ਅਤੇ ਸਿਵਲ ਸਰਜਨ ਗੁਰਦਾਸਪੁਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਿਹਤ ਵਿਭਾਗ ਗੁਰਦਾਸਪੁਰ ਹੜ੍ਹ ਪ੍ਰਭਾਵਿਤ ਇਲਾਕਿਆਂ ਦੇ ਲੋਕਾਂ ਦੀ ਸਿਹਤ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਦਿਨ ਰਾਤ ਯਤਨਸ਼ੀਲ ਰਹਿ ਰਿਹਾ ਹੈ। ਬਿਆਸ ਦਰਿਆ ਦੇ ਲਾਗਲੇ ਪਿੰਡਾਂ ਦੇ ਲੋਕ ਹੜ੍ਹਾਂ ਤੋਂ ਪ੍ਰਭਾਵਿਤ ਹੋਏ ਹਨ ਜਿਨ੍ਹਾਂ ਨਾਲ ਜ਼ਿਲ੍ਹਾ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਲਗਾਤਾਰ ਪਹੁੰਚ ਬਣਾ ਕੇ ਹਰ ਸੰਭਵ ਸਹਾਇਤਾ ਕਰ ਰਿਹਾ ਹੈ। 24 ਘੰਟੇ ਸਹਾਇਤਾ ਲਈ ਮੈਡੀਕਲ ਟੀਮਾਂ ਦੀ ਤਾਇਨਾਤੀ ਕੀਤੀ ਗਈ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਸਿਵਲ ਸਰਜਨ ਗੁਰਦਾਸਪੁਰ ਡਾ. ਹਰਭਜਨ ਰਾਮ ਮਾਂਡੀ ਨੇ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਸਿਹਤ ਸੁਰੱਖਿਆ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ ਜਿਹੜੀਆਂ ਕਿ ਹੜ੍ਹ ਪ੍ਰਭਾਵਿਤ ਲੋਕਾਂ ਲਈ ਸਹਾਈ ਸਿੱਧ ਹੋਣਗੀਆਂ।


ਹੜ੍ਹ ਪ੍ਰਭਾਵਿਤ ਇਲਾਕੇ ਵਿਚ ਫਾਗਿੰਗ ਵੀ ਕੀਤੀ ਜਾ ਰਹੀ ਹੈ ਤਾਂ ਜੋ ਖੜ੍ਹੇ ਪਾਣੀ ਕਰਨ ਡੇਂਗੂ ਮਲੇਰੀਆ ਦੇ ਕੇਸ ਨਾ ਵਧਣ। ਮੈਡੀਕਲ ਅਫ਼ਸਰ ਸੀ. ਐੱਚ. ਸੀ. ਪੁਰਾਣਾ ਸ਼ਾਲਾ ਡਾ. ਅਨੂ ਨੇ ਦੱਸਿਆ ਕਿ ਸਿਹਤ ਵਿਭਾਗ ਹੜ੍ਹ ਪ੍ਰਭਾਵਿਤ ਇਲਾਕਿਆਂ ਵਿਚ ਲਗਾਤਾਰ ਮੈਡੀਕਲ ਰਾਹਤ ਕੈਂਪ ਆਯੋਜਿਤ ਕਰਵਾ ਰਿਹਾ ਹੈ ਤਾਂ ਕਿ ਲੋਕਾਂ ਦੀ ਸਿਹਤ ਦਾ ਖਾਸ ਧਿਆਨ ਰੱਖਿਆ ਜਾ ਸਕੇ। ਮੈਡੀਕਲ ਰਾਹਤ ਕੈਂਪਾਂ ਵਿਚ ਲੋੜੀਂਦੀਆਂ ਦਵਾਈਆਂ ਵੀ ਮੁਫ਼ਤ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਸਿਹਤ ਵਿਭਾਗ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਹਾਲਾਤ ਸਥਿਰ ਹੋਣ ਤੱਕ ਸਿਹਤ ਸੇਵਾਵਾਂ ਏਦਾਂ ਹੀ ਪੂਰੀ ਤਨਦੇਹੀ ਨਾਲ ਮੁਹੱਈਆ ਕਰਵਾਉਂਦਾ ਰਹੇਗਾ।