ਕੇਜਰੀਵਾਲ ਵੱਲੋਂ ਮੁੱਖ ਸਕੱਤਰ ਨੂੰ ਮੁਅੱਤਲ ਕਰਨ ਦੀ ਅਪੀਲ

ਕੇਜਰੀਵਾਲ ਵੱਲੋਂ ਮੁੱਖ ਸਕੱਤਰ ਨੂੰ ਮੁਅੱਤਲ ਕਰਨ ਦੀ ਅਪੀਲ

ਨਵੀਂ ਦਿੱਲੀ

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਦਿੱਲੀ ਦੇ ਉੱਪ ਰਾਜਪਾਲ ਵੀਕੇ ਸਕਸੈਨਾ ਨੂੰ ਹਸਪਤਾਲ ਘੁਟਾਲੇ ਸਬੰਧੀ ਵਿਜੀਲੈਂਸ ਦੀ ਇੱਕ ਰਿਪੋਰਟ ਭੇਜ ਕੇ ਅਪੀਲ ਕੀਤੀ ਹੈ ਕਿ ਮੁੱਖ ਸਕੱਤਰ ਨਰੇਸ਼ ਕੁਮਾਰ ਨੂੰ ਅਹੁਦੇ ਤੋਂ ਹਟਾਇਆ ਜਾਵੇ। ਨਰੇਸ਼ ਕੁਮਾਰ ’ਤੇ ਇੰਸਟੀਚਿਊਟ ਆਫ਼ ਲਿਵਰ ਐਂਡ ਬਿਲੀਰੀ ਸਾਇੰਸਜ਼ (ਆਈਐੱਲਬੀਐੱਸ) ’ਚ ਟੈਂਡਰ ਨਾਲ ਸਬੰਧਤ ਨਿਯਮਾਂ ਨੂੰ ਤੋੜ-ਮਰੋੜ ਕੇ ਆਪਣੇ ਪੁੱਤਰ ਦੀ ਤਕਨੀਕੀ ਕੰਪਨੀ ਨੂੰ ਮੁਨਾਫ਼ੇ ਦੇ ਸਮਰੱਥ ਬਣਾਉਣ ਲਈ ਕਥਿਤ ਤੌਰ ’ਤੇ ਆਪਣੇ ਅਹੁਦੇ ਦੀ ਦੁਰਵਰਤੋਂ ਕਰਨ ਦਾ ਦੋਸ਼ ਹੈ। ਦੂਜੇ ਪਾਸੇ ਮੁੱਖ ਸਕੱਤਰ ਨਰੇਸ਼ ਕੁਮਾਰ ਨੇ ਆਪਣੇ ਅਹੁਦੇ ਦੀ ਦੁਰਵਰਤੋਂ ਕਰਨ ਦੇ ਦੋਸ਼ਾਂ ਨੂੰ ਪੂਰੀ ਤਰ੍ਹਾਂ ਬੇਬੁਨਿਆਦ ਕਰਾਰ ਦਿੱਤਾ ਹੈ। ਇਸੇ ਦੌਰਾਨ ਆਈਐੱਲਬੀਐੱਸ ਨੇ ਦੋਸ਼ਾਂ ਦੇ ਜਵਾਬ ਵਿੱਚ ਕਿਹਾ ਕਿ ਉਸ ਨੇ ਕਿਸੇ ਵੀ ਸਾਫਟਵੇਅਰ ਡਿਵੈਲਪਰ ਜਾਂ ਕੰਪਨੀ ਨੂੰ ਕੋਈ ਖਰੀਦ ਆਰਡਰ ਜਾਰੀ ਨਹੀਂ ਕੀਤਾ ਤੇ ਨਾ ਹੀ ਕੋਈ ਭੁਗਤਾਨ ਕੀਤਾ ਹੈ। ਇਹ ਦੋਸ਼ ਪੂਰੀ ਤਰ੍ਹਾਂ ਬੇਬੁਨਿਆਦ ਹਨ।