Operation Sindoor: : 'ਆਪ੍ਰੇਸ਼ਨ ਸਿੰਦੂਰ' ਤਹਿਤ ਭਾਰਤ ਵੱਲੋਂ ਕੀਤੇ ਗਏ ਹਵਾਈ ਹਮਲੇ ਤੋਂ ਬਾਅਦ ਪਾਕਿਸਤਾਨ ਵੱਲੋਂ ਜੰਮੂ-ਕਸ਼ਮੀਰ ਵਿੱਚ ਕੰਟਰੋਲ ਰੇਖਾ 'ਤੇ ਗੋਲੀਬਾਰੀ ਕੀਤੀ ਜਾ ਰਹੀ ਹੈ। ਇਸ ਦੌਰਾਨ, ਕੰਟਰੋਲ ਰੇਖਾ (LOC) ਦੇ ਨੇੜੇ ਸਥਿਤ ਇਲਾਕਿਆਂ ਤੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਭੇਜਿਆ ਜਾ ਰਿਹਾ ਹੈ। ਉਨ੍ਹਾਂ ਨੂੰ ਪੁਲਿਸ ਵਾਹਨਾਂ ਦੀ ਮਦਦ ਨਾਲ ਸੁਰੱਖਿਅਤ ਥਾਵਾਂ 'ਤੇ ਭੇਜਿਆ ਜਾ ਰਿਹਾ ਹੈ।
ਹਵਾਈ ਹਮਲੇ ਤੋਂ ਬਾਅਦ, ਘਬਰਾਏ ਹੋਏ ਪਾਕਿਸਤਾਨ ਨੇ ਕੰਟਰੋਲ ਰੇਖਾ ਦੇ ਨੇੜੇ ਅਗਲੇ ਪਿੰਡਾਂ ਨੂੰ ਨਿਸ਼ਾਨਾ ਬਣਾਉਂਦੇ ਹੋਏ ਭਾਰੀ ਗੋਲੀਬਾਰੀ ਕੀਤੀ, ਜਿਸ ਵਿੱਚ ਚਾਰ ਬੱਚਿਆਂ ਸਮੇਤ ਘੱਟੋ-ਘੱਟ 12 ਲੋਕ ਮਾਰੇ ਗਏ ਤੇ 57 ਹੋਰ ਜ਼ਖਮੀ ਹੋ ਗਏ। ਇੱਥੇ ਗੋਲੀਬਾਰੀ ਤੋਂ ਬਾਅਦ ਲੋਕਾਂ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦੇ ਹੋਏ, ਉਨ੍ਹਾਂ ਨੂੰ ਹੋਰ ਥਾਵਾਂ 'ਤੇ ਤਬਦੀਲ ਕਰਨ ਦਾ ਫੈਸਲਾ ਕੀਤਾ ਗਿਆ। ਪੁਣਛ ਜ਼ਿਲ੍ਹਾ ਗੋਲੀਬਾਰੀ ਨਾਲ ਸਭ ਤੋਂ ਵੱਧ ਪ੍ਰਭਾਵਿਤ ਹੈ। ਕੰਟਰੋਲ ਰੇਖਾ 'ਤੇ ਗੋਲੀਬਾਰੀ ਭਾਰਤੀ ਹਥਿਆਰਬੰਦ ਬਲਾਂ ਵੱਲੋਂ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ (ਪੀਓਕੇ) ਵਿੱਚ ਨੌਂ ਅੱਤਵਾਦੀ ਕੈਂਪਾਂ 'ਤੇ ਮਿਜ਼ਾਈਲਾਂ ਦਾਗਣ ਤੋਂ ਬਾਅਦ ਹੋਈ। ਅਧਿਕਾਰੀਆਂ ਅਨੁਸਾਰ ਮਾਰੇ ਗਏ ਸਾਰੇ ਆਮ ਨਾਗਰਿਕ ਹਨ। ਜੰਮੂ-ਕਸ਼ਮੀਰ ਦਾ ਪੁੰਛ ਜ਼ਿਲ੍ਹਾ ਗੋਲੀਬਾਰੀ ਨਾਲ ਸਭ ਤੋਂ ਵੱਧ ਪ੍ਰਭਾਵਿਤ ਹੋਇਆ ਹੈ।
ਪੀਟੀਆਈ ਦੀ ਰਿਪੋਰਟ ਦੇ ਅਨੁਸਾਰ, ਅਧਿਕਾਰੀਆਂ ਨੇ ਕਿਹਾ ਕਿ ਪਾਕਿਸਤਾਨ ਵੱਲੋਂ ਕੀਤੀ ਗਈ ਅੰਨ੍ਹੇਵਾਹ ਗੋਲੀਬਾਰੀ ਨੇ ਸਰਹੱਦੀ ਵਸਨੀਕਾਂ ਵਿੱਚ ਦਹਿਸ਼ਤ ਪੈਦਾ ਕਰ ਦਿੱਤੀ ਅਤੇ ਉਨ੍ਹਾਂ ਨੂੰ ਭੂਮੀਗਤ ਬੰਕਰਾਂ ਵਿੱਚ ਪਨਾਹ ਲੈਣ ਜਾਂ ਆਪਣੇ ਪਿੰਡਾਂ ਦੇ ਅੰਦਰ ਜਾਂ ਬਾਹਰ ਸੁਰੱਖਿਅਤ ਥਾਵਾਂ 'ਤੇ ਜਾਣ ਲਈ ਮਜਬੂਰ ਕੀਤਾ। ਪੁਣਛ ਵਿੱਚ ਕੰਟਰੋਲ ਰੇਖਾ ਦੇ ਨੇੜੇ ਬਾਲਾਕੋਟ, ਮੇਂਢਰ, ਮਨਕੋਟ, ਕ੍ਰਿਸ਼ਨਾ ਘਾਟੀ, ਗੁਲਪੁਰ, ਕੇਰਨੀ ਅਤੇ ਇੱਥੋਂ ਤੱਕ ਕਿ ਪੁੰਛ ਜ਼ਿਲ੍ਹਾ ਹੈੱਡਕੁਆਰਟਰਾਂ ਤੋਂ ਗੋਲੀਬਾਰੀ ਦੀਆਂ ਰਿਪੋਰਟਾਂ ਆਈਆਂ ਹਨ, ਜਿਸ ਕਾਰਨ ਕਈ ਘਰਾਂ ਨੂੰ ਨੁਕਸਾਨ ਪਹੁੰਚਿਆ ਹੈ।
ਬਾਰਾਮੂਲਾ ਜ਼ਿਲ੍ਹੇ ਦੇ ਉੜੀ ਸੈਕਟਰ ਵਿੱਚ ਸਰਹੱਦ ਪਾਰ ਤੋਂ ਹੋਈ ਗੋਲੀਬਾਰੀ ਵਿੱਚ ਪੰਜ ਨਾਬਾਲਗ ਬੱਚਿਆਂ ਸਮੇਤ ਦਸ ਲੋਕ ਜ਼ਖਮੀ ਹੋ ਗਏ, ਜਦੋਂ ਕਿ ਰਾਜੌਰੀ ਜ਼ਿਲ੍ਹੇ ਵਿੱਚ ਤਿੰਨ ਹੋਰ ਜ਼ਖਮੀ ਹੋ ਗਏ। ਇਸ ਦੇ ਨਾਲ ਹੀ ਕੁਪਵਾੜਾ ਜ਼ਿਲ੍ਹੇ ਦੇ ਕਰਨਾਹ ਸੈਕਟਰ ਵਿੱਚ ਗੋਲੀਬਾਰੀ ਕਾਰਨ ਕਈ ਘਰਾਂ ਨੂੰ ਅੱਗ ਲੱਗ ਗਈ। ਭਾਰਤੀ ਫੌਜ ਇਸ ਗੋਲੀਬਾਰੀ ਦਾ ਢੁਕਵਾਂ ਜਵਾਬ ਦੇ ਰਹੀ ਹੈ।
ਦੂਜੇ ਪਾਸੇ, ਜੰਮੂ-ਕਸ਼ਮੀਰ ਦੇ ਮੁੱਖ ਮੰਤਰੀ ਉਮਰ ਅਬਦੁੱਲਾ ਨੇ ਵੀ ਇਸ ਸੰਬੰਧੀ ਇੱਕ ਸਮੀਖਿਆ ਮੀਟਿੰਗ ਕੀਤੀ ਹੈ। ਉਨ੍ਹਾਂ ਮੀਟਿੰਗ ਤੋਂ ਬਾਅਦ ਕਿਹਾ, "ਮਿਲੀ ਜਾਣਕਾਰੀ ਅਨੁਸਾਰ, ਪਾਕਿਸਤਾਨ ਨੇ ਆਪਣੀਆਂ ਹੱਦਾਂ ਪਾਰ ਕਰ ਦਿੱਤੀਆਂ ਹਨ ਅਤੇ ਆਮ ਨਾਗਰਿਕਾਂ ਨੂੰ ਨਿਸ਼ਾਨਾ ਬਣਾਇਆ ਹੈ। ਇਸ ਲਈ ਮੈਂ ਸਥਿਤੀ ਦਾ ਜਾਇਜ਼ਾ ਲਿਆ ਹੈ ਅਤੇ ਅਸੀਂ ਹਾਲਾਤ ਬਦਲਣ ਨਾਲ ਇਸ ਨਾਲ ਨਜਿੱਠ ਰਹੇ ਹਾਂ।"