ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਪਟਿਆਲਾ ਜ਼ਿਲ੍ਹੇ ਵਿੱਚ ਹੜ੍ਹਾਂ (Floods) ਦੌਰਾਨ ਹੋਏ ਲੋਕਾਂ ਨੁਕਸਾਨ ਦੀ ਭਰਪਾਈ ਲਈ ਪੰਜਾਬ ਸਰਕਾਰ ਵਚਨਬੱਧ ਹੈ ਤੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਦਿੱਤੇ ਨਿਰਦੇਸ਼ਾਂ ਤਹਿਤ ਫ਼ਸਲਾਂ ਦੇ ਖਰਾਬੇ ਲਈ ਵਿਸ਼ੇਸ਼ ਗਿਰਦਾਵਰੀ ਦਾ ਕੰਮ ਜ਼ਿਲ੍ਹੇ ਵਿੱਚ ਚੱਲ ਰਿਹਾ ਹੈ। ਉਨ੍ਹਾਂ ਕਿਹਾ ਕਿ ਸ਼ਹਿਰੀ ਖੇਤਰ ਵਿੱਚ ਹੋਏ ਨੁਕਸਾਨ ਲਈ ਡੋਰ ਟੂ ਡੋਰ ਸਰਵੇ ਕਰਨ ਲਈ ਅਧਿਕਾਰੀਆਂ ਨੂੰ ਹਦਾਇਤਾਂ ਕੀਤੀਆਂ ਜਾ ਚੁੱਕੀਆਂ ਹਨ। ਉਹ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਹੜ੍ਹ ਤੋਂ ਬਾਅਦ ਕੀਤੇ ਜਾ ਰਹੇ ਰਾਹਤ ਕਾਰਜਾਂ ਸਬੰਧੀ ਅਧਿਕਾਰੀਆਂ ਨਾਲ ਮੀਟਿੰਗ ਕਰ ਰਹੇ ਸਨ।
ਬੈਠਕ ਦੌਰਾਨ ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਬਰਸਾਤਾਂ ਦੇ ਇਸ ਮੌਸਮ ਦੌਰਾਨ ਲੋਕਾਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ, ਇਸ ਲਈ ਸੀਵਰੇਜ ਸਿਸਟਮ ਦੀ ਨਿਰੰਤਰ ਸਫ਼ਾਈ ਅਤੇ ਬਰਸਾਤੀ ਪਾਣੀ ਦੇ ਨਿਕਾਸ ਲਈ ਜ਼ਰੂਰੀ ਪ੍ਰਬੰਧ ਯਕੀਨੀ ਬਣਾਏ ਜਾਣ। ਉਨ੍ਹਾਂ ਕਿਹਾ ਕਿ ਬਰਸਾਤੀ ਪਾਣੀ ਦੀ ਨਿਕਾਸੀ ਦੇ ਸਥਾਈ ਹੱਲ ਲਈ ਕੀਤੇ ਜਾਣ ਵਾਲੇ ਪ੍ਰਬੰਧਾਂ ਸਬੰਧੀ ਵੀ ਰਣਨੀਤੀ ਤਿਆਰ ਕੀਤੀ ਜਾਵੇ ਜਿਸ ਵਿੱਚ ਰੀਚਾਰਜਿੰਗ ਵੈੱਲ, ਚੈਕ ਡੈਮ ਸਬੰਧੀ ਖਾਕਾ ਤਿਆਰ ਕੀਤਾ ਜਾਵੇ।