ਪੰਜਾਬ ਵਿੱਚ ਅਮਨ-ਕਾਨੂੰਨ ਦੀ ਸਥਿਤੀ ਬਿਹਤਰ ਹੋਈ: ਰਾਜਪਾਲ ਸੂਬਾ ਸਰਕਾਰ ਦੀਆਂ ਪ੍ਰਾਪਤੀਆਂ ਤੇ ਯੋਜਨਾਵਾਂ ਬਾਰੇ ਜਾਣੂ ਕਰਵਾਇਆ; ਹੁਣ ਤੱਕ 951 ਗੈਂਗਸਟਰ ਕਾਬੂ ਕਰਨ ਦਾ ਦਾਅਵਾ

ਪੰਜਾਬ ਵਿੱਚ ਅਮਨ-ਕਾਨੂੰਨ ਦੀ ਸਥਿਤੀ ਬਿਹਤਰ ਹੋਈ: ਰਾਜਪਾਲ ਸੂਬਾ ਸਰਕਾਰ ਦੀਆਂ ਪ੍ਰਾਪਤੀਆਂ ਤੇ ਯੋਜਨਾਵਾਂ ਬਾਰੇ ਜਾਣੂ ਕਰਵਾਇਆ; ਹੁਣ ਤੱਕ 951 ਗੈਂਗਸਟਰ ਕਾਬੂ ਕਰਨ ਦਾ ਦਾਅਵਾ
ਰਾਜਪਾਲ ਨੇ ਅੱਜ ਆਪਣੇ ਭਾਸ਼ਣ ਵਿਚ ਦੱਸਿਆ ਕਿ ਪੰਜਾਬ ਵਿਚ ਅਮਨ ਕਾਨੂੰਨ ਦੀ ਸਥਿਤੀ ਬਿਹਤਰ ਹੋ ਗਈ ਹੈ ਤੇ ਪੰਜਾਬ ਸਰਕਾਰ ਵੱਲੋਂ ਬਣਾਈ ਗੈਂਗਸਟਰ ਵਿਰੋਧੀ ਟਾਸਕ ਫੋਰਸ ਨੇ ਹੁਣ ਤੱਕ 951 ਗੈਂਗਸਟਰਾਂ ਅਤੇ ਅਪਰਾਧੀਆਂ ਨੂੰ ਗ੍ਰਿਫਤਾਰ ਕੀਤਾ ਹੈ ਅਤੇ 14 ਗੈਂਗਸਟਰਾਂ ਦਾ ਖਾਤਮਾ ਕੀਤਾ ਹੈ। ਟਾਸਕ ਫੋਰਸ ਨੇ 312 ਮਾਡਿਊਲਾਂ ਦਾ ਪਰਦਾਫਾਸ਼ ਕਰਦਿਆਂ 963 ਹਥਿਆਰ ਬਰਾਮਦ ਕੀਤੇ ਹਨ। ਰਾਜਪਾਲ ਨੇ ਨਸ਼ਾ ਵਿਰੋਧੀ ਮੁਹਿੰਮ ਤਹਿਤ ਪੰਜਾਬ ਪੁਲੀਸ ਵੱਲੋਂ ਹੁਣ ਤੱਕ ਗ੍ਰਿਫਤਾਰ ਕੀਤੇ 25,385 ਨਸ਼ਾ ਤਸਕਰਾਂ ਦੇ ਵੇਰਵੇ ਸਾਂਝੇ ਕਰਦਿਆਂ ਦੱਸਿਆ ਕਿ ਸੂਬੇ ਵਿੱਚੋਂ 1,860 ਕਿਲੋ ਹੈਰੋਇਨ ਬਰਾਮਦ ਕੀਤੀ ਗਈ ਹੈ। ਪੁਲੀਸ ਟੀਮਾਂ ਨੇ ਗੁਜਰਾਤ ਅਤੇ ਮਹਾਰਾਸ਼ਟਰ ਦੀਆਂ ਬੰਦਰਗਾਹਾਂ ਤੋਂ 147 ਕਿਲੋ ਹੈਰੋਇਨ ਬਰਾਮਦ ਕੀਤੀ ਹੈ। ਨਸ਼ਾ ਤਸਕਰਾਂ ਦੀਆਂ 142 ਕਰੋੜ ਰੁਪਏ ਦੀਆਂ 355 ਜਾਇਦਾਦਾਂ ਨੂੰ ਸਮਰੱਥ ਅਥਾਰਟੀ ਵੱਲੋਂ ਜ਼ਬਤ ਕਰਨ ਦੀ ਪ੍ਰਵਾਨਗੀ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਇਸੇ ਤਰ੍ਹਾਂ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਤਹਿਤ 23 ਗਜ਼ਟਿਡ ਅਫ਼ਸਰਾਂ, 193 ਨਾਨ-ਗਜ਼ਟਿਡ ਅਫ਼ਸਰਾਂ ਅਤੇ 55 ਪ੍ਰਾਈਵੇਟ ਵਿਅਕਤੀਆਂ ਖ਼ਿਲਾਫ਼ 195 ਕੇਸ ਦਰਜ ਕੀਤੇ ਗਏ ਹਨ।