ਸਿਆਸੀ ਰੈਲੀਆਂ ’ਚ ਜ਼ਹਿਰ ਉਗਲਣ ਵਾਲੇ ਅੰਦਰੋਂ ਇੱਕ-ਮਿੱਕ: ਮਾਨ

ਸਿਆਸੀ ਰੈਲੀਆਂ ’ਚ ਜ਼ਹਿਰ ਉਗਲਣ ਵਾਲੇ ਅੰਦਰੋਂ ਇੱਕ-ਮਿੱਕ: ਮਾਨ

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅੱਜ ਦੇਸ਼ ਦਾ ਅੰਨਦਾਤਾ ਆਪਣੇ ਹੱਕਾਂ ਲਈ ਸੰਘਰਸ਼ ਕਰ ਰਿਹਾ ਹੈ ਅਤੇ ਮਰਨ ਵਰਤ ’ਤੇ ਬੈਠਾ ਹੈ। ਦੂਜੇ ਪਾਸੇ, ਰਵਾਇਤੀ ਸਿਆਸੀ ਪਾਰਟੀਆਂ ਦੇ ਆਗੂ ਸੁਖਬੀਰ ਬਾਦਲ ਤੇ ਸੁਨੀਲ ਜਾਖੜ ਵਿਆਹਾਂ, ਰਿਸੈਪਸ਼ਨਾਂ ਅਤੇ ਦਾਅਵਤਾਂ ਦਾ ਆਨੰਦ ਮਾਣ ਰਹੇ ਹਨ। ਮੁੱਖ ਮੰਤਰੀ ਮਾਨ ਅੱਜ ਚੰਡੀਗੜ੍ਹ ਵਿੱਚ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਦੇਣ ਲਈ ਰੱਖੇ ਸਮਾਗਮ ਨੂੰ ਸੰਬੋਧਨ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਇਹ ਆਗੂ ਸਿਆਸੀ ਰੈਲੀਆਂ ਵਿੱਚ ਇੱਕ-ਦੂਜੇ ਵਿਰੁੱਧ ਜ਼ਹਿਰ ਉਗਲਦੇ ਹਨ ਜਿਸ ਕਰ ਕੇ ਸੂਬੇ ਦਾ ਸਮਾਜਿਕ ਤਾਣਾ-ਬਾਣਾ ਵਿਗੜਦਾ ਹੈ, ਪਰ ਉਹੀ ਆਗੂ ਨਿੱਜੀ ਸਮਾਗਮਾਂ ਵਿੱਚ ਇੱਕ-ਦੂਜੇ ਨੂੰ ਜੱਫੀਆਂ ਪਾ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਸਿਆਸੀ ਆਗੂ ਆਪਣੇ ਨਿੱਜੀ ਸਿਆਸੀ ਮੁਫ਼ਾਦ ਲਈ ਲੋਕਾਂ ਨੂੰ ਵੰਡਦੇ ਹਨ ਪਰ ਆਪ ਅੰਦਰੋਂ ਇੱਕ-ਦੂਜੇ ਨਾਲ ਮਿਲੇ ਹੋਏ ਹਨ। ਅਜਿਹੇ ਲੋਕਾਂ ਨੂੰ ਸਬਕ ਸਿਖਾਇਆ ਜਾਣਾ ਚਾਹੀਦਾ ਹੈ ਅਤੇ ਲੋਕਾਂ ਨੂੰ ਹਮੇਸ਼ਾ ਆਮ ਆਦਮੀ ਦੀ ਸਰਕਾਰ ਚੁਣਨੀ ਚਾਹੀਦੀ ਹੈ। 

ਸ੍ਰੀ ਮਾਨ ਨੇ ਕਿਹਾ ਕਿ ਇਹ ਸਿਆਸੀ ਆਗੂ ਸੂਬੇ ਅਤੇ ਇੱਥੋਂ ਦੇ ਲੋਕਾਂ ਦੇ ਮਸਲਿਆਂ ਨੂੰ ਅੱਖੋਂ-ਪਰੋਖੇ ਕਰਦੇ ਹੋਏ ਆਪਣੇ ਹਿੱਤਾਂ ਦੀ ਰਾਖੀ ਲਈ ਹਮੇਸ਼ਾ ਇੱਕ-ਦੂਜੇ ਨਾਲ ਘਿਓ-ਖਿਚੜੀ ਦੀ ਤਰ੍ਹਾਂ ਰਹਿੰਦੇ ਹਨ। ਉਨ੍ਹਾਂ ਕਿਹਾ ਕਿ ਲੋਕਾਂ ਨੇ ਸੂਬੇ ਵਿੱਚ ਬਦਲ-ਬਦਲ ਕੇ ਰਾਜ ਕਰਨ ਵਾਲੀਆਂ ਸਿਆਸੀ ਪਾਰਟੀਆਂ ਨੂੰ ਸੱਤਾ ਤੋਂ ਬਾਹਰ ਕਰ ਦਿੱਤਾ ਹੈ।

ਲੋਕਾਂ ਨੇ ਰਵਾਇਤੀ ਪਾਰਟੀਆਂ ਦੇ ਆਗੂਆਂ ਨੂੰ ਨਕਾਰਦੇ ਹੋਏ ਆਮ ਲੋਕਾਂ ਦੀ ਸਰਕਾਰ ਨੂੰ ਸੇਵਾ ਕਰਨ ਦਾ ਮੌਕਾ ਦਿੱਤਾ ਹੈ। ਉਹ ਲੋਕਾਂ ਦੀਆਂ ਉਮੀਦਾਂ ’ਤੇ ਖ਼ਰਾ ਉਤਰਨ ਲਈ ਸਖ਼ਤ ਮਿਹਨਤ ਕਰਨਗੇ। ਉਨ੍ਹਾਂ ਕਿਹਾ ਕਿ ਵਿਰੋਧੀ ਧਿਰ ਦੇ ਨੇਤਾ ਆਪਣਾ ਦਿਨ ‘ਆਪ’ ਆਗੂਆਂ ਦੀ ਨਿਖੇਧੀ ਨਾਲ ਸ਼ੁਰੂ ਕਰਦੇ ਹਨ, ਕਿਉਂਕਿ ਇਹ ‘ਆਪ’ ਸਰਕਾਰ ਵੱਲੋਂ ਲਏ ਲੋਕ-ਪੱਖੀ ਫ਼ੈਸਲਿਆਂ ਤੋਂ ਸੜਦੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਕੋਲ ਵੀ ਫੋਕੀ ਬਿਆਨਬਾਜ਼ੀ ਤੋਂ ਇਲਾਵਾ ਕੁਝ ਨਹੀਂ ਹੈ। ਇਸੇ ਕਰ ਕੇ ਅੱਜ ਸ਼੍ਰੋਮਣੀ ਅਕਾਲੀ ਦਲ ਨੂੰ ਥਾਂ-ਥਾਂ ’ਤੇ ਜਨਤਕ ਰੋਹ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਆਗੂ 25 ਸਾਲ ਰਾਜ ਕਰਨ ਦਾ ਦਾਅਵਾ ਕਰਦੇ ਸਨ, ਪਰ ਅੱਜ ਉਨ੍ਹਾਂ ਕੋਲ 25 ਬੰਦੇ ਵੀ ਨਹੀਂ ਰਹੇ ਹਨ। ਉਨ੍ਹਾਂ ਕਿਹਾ ਕਿ ਲੋਕਤੰਤਰ ਵਿੱਚ ਆਮ ਆਦਮੀ ਦੀ ਤਾਕਤ ਸਭ ਤੋਂ ਉੱਪਰ ਹੁੰਦੀ ਹੈ।

ਮੁੱਖ ਮੰਤਰੀ ਨੇ 497 ਨੌਜਵਾਨਾਂ ਨੂੂੰ ਨਿਯੁਕਤੀ ਪੱਤਰ ਸੌਂਪੇ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅੱਜ ‘ਮਿਸ਼ਨ ਰੁਜ਼ਗਾਰ’ ਤਹਿਤ ਚੰਡੀਗੜ੍ਹ ਦੇ ਮਿਉਂਸਿਪਲ ਭਵਨ ਵਿੱਚ ਵੱਖ-ਵੱਖ ਵਿਭਾਗਾਂ ਦੇ 497 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ। ਮੁੱਖ ਮੰਤਰੀ ਨੇ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ, ਸਕੂਲ ਸਿੱਖਿਆ ਵਿਭਾਗ, ਉੱਚ ਸਿੱਖਿਆ ਅਤੇ ਭਾਸ਼ਾਵਾਂ, ਪੇਂਡੂ ਵਿਕਾਸ ਤੇ ਸਾਇੰਸ, ਤਕਨਾਲੋਜੀ ਅਤੇ ਵਾਤਾਵਰਨ ਵਿਭਾਗ ਵਿੱਚ ਭਰਤੀ ਹੋਏ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ। ਮੁੱਖ ਮੰਤਰੀ ਨੇ ਨੌਜਵਾਨਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅਮਰੀਕਾ ਤੋਂ ਨੌਜਵਾਨਾਂ ਨੂੰ ਡਿਪੋਰਟ ਕਰਨ ਦੀ ਘਟਨਾ ਸਾਰਿਆਂ ਲਈ ਵੱਡਾ ਸਬਕ ਹੈ। ਸੂਬੇ ਦੇ ਨੌਜਵਾਨਾਂ ਨੂੰ ਬਿਹਤਰ ਭਵਿੱਖ ਦੀ ਭਾਲ ਵਿੱਚ ਵਿਦੇਸ਼ ਜਾਣ ਦੀ ਬਜਾਏ ਇੱਥੇ ਹੀ ਸਖ਼ਤ ਮਿਹਨਤ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਦੀ ਪਹਿਲਕਦਮੀ ਸਦਕਾ ਇਕ ਸਾਲ ਵਿੱਚ ਨੌਜਵਾਨਾਂ ਨੂੰ ਦੋ ਤੋਂ ਤਿੰਨ ਨੌਕਰੀਆਂ ਮਿਲੀਆਂ ਹਨ। ਇਸ ਕਾਰਨ ਪਰਵਾਸ ਦੇ ਰੁਝਾਨ ਨੂੰ ਪੁੱਠਾ ਗੇੜ ਆਇਆ ਹੈ, ਜੋ ਨੌਜਵਾਨ ਪਹਿਲਾਂ ਵਿਦੇਸ਼ਾਂ ਵਿੱਚ ਵਸ ਗਏ ਸਨ, ਹੁਣ ਸਰਕਾਰੀ ਨੌਕਰੀਆਂ ਹਾਸਲ ਕਰਨ ਲਈ ਪਰਤ ਰਹੇ ਹਨ। ਉਨ੍ਹਾਂ ਕਿਹਾ ਕਿ ਅੱਜ ਦੇ ਸਮਾਗਮ ਵਿੱਚ ਇੱਕ ਜੋੜਾ ਕੈਨੇਡਾ ਤੋਂ ਸਰਕਾਰੀ ਸੇਵਾ ਵਿੱਚ ਸ਼ਾਮਲ ਹੋਣ ਲਈ ਵਾਪਸ ਆਇਆ ਹੈ ਅਤੇ ਇਸੇ ਤਰ੍ਹਾਂ ਇੱਕ ਨੌਜਵਾਨ ਨੇ ਵਿਦੇਸ਼ ਜਾਣ ਦਾ ਵਿਚਾਰ ਛੱਡ ਦਿੱਤਾ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਵੇਲੇ ਜਿਹੜੀਆਂ ਟਾਵੀਆਂ-ਟਾਵੀਆਂ ਨੌਕਰੀਆਂ ਦਿੱਤੀਆਂ ਗਈਆਂ, ਉਹ ਸਿਰਫ ਨਜ਼ਦੀਕੀਆਂ ਜਾਂ ਨਜ਼ਦੀਕੀ ਰਿਸ਼ਤੇਦਾਰਾਂ ਲਈ ਰਾਖਵੀਆਂ ਸਨ, ਜਦੋਂਕਿ ਆਮ ਆਦਮੀ ਨੂੰ ਪੂਰੀ ਤਰ੍ਹਾਂ ਅਣਗੌਲਿਆ ਕੀਤਾ ਗਿਆ ਸੀ। ਉਨ੍ਹਾਂ ਦਾਅਵਾ ਕੀਤਾ ਕਿ ‘ਆਪ’ ਦੀ ਸਰਕਾਰ ਨੇ 35 ਮਹੀਨਿਆਂ ਵਿੱਚ ਨੌਜਵਾਨਾਂ ਨੂੰ ਰਿਕਾਰਡ 50,892 ਨੌਕਰੀਆਂ ਦਿੱਤੀਆਂ ਹਨ। ਇਸ ਮੌਕੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਨੌਜਵਾਨਾਂ ਅਤੇ ਪਤਵੰਤਿਆਂ ਦਾ ਸਵਾਗਤ ਕੀਤਾ।