ਅਮਰੀਕਾ ਨੇ ਭਾਰਤ, ਪਾਕਿਸਤਾਨ ਨੂੰ ਤਣਾਅ ਵਧਾਉਣ ਤੋਂ ਬਚਣ ਦੀ ਅਪੀਲ ਕੀਤੀ

ਅਮਰੀਕਾ ਨੇ ਭਾਰਤ, ਪਾਕਿਸਤਾਨ ਨੂੰ ਤਣਾਅ ਵਧਾਉਣ ਤੋਂ ਬਚਣ ਦੀ ਅਪੀਲ ਕੀਤੀ

ਨਿਊਯਾਰਕ/ਵਾਸ਼ਿੰਗਟਨ, 30 ਅਪਰੈਲ

ਭਾਰਤ ਅਤੇ ਪਾਕਿਸਤਾਨ ਵਿਚਕਾਰ ਵਧਦੇ ਤਣਾਅ ਦੇ ਮੱਦੇਨਜ਼ਰ ਅਮਰੀਕਾ ਨੇ ਦੋਵਾਂ ਦੇਸ਼ਾਂ ਨੂੰ ਝਗੜੇ ਨੂੰ ਹੋਰ ਵਧਾਉਣ ਤੋਂ ਬਚਣ ਦੀ ਅਪੀਲ ਕੀਤੀ ਹੈ। ਵਿਦੇਸ਼ ਮੰਤਰੀ ਮਾਰਕੋ ਰੁਬਿਓ ਇਸ ਸਬੰਧੀ ਜਲਦ ਹੀ ਦੋਹਾਂ ਦੇਸ਼ਾਂ ਦੇ ਵਿਦੇਸ਼ ਮੰਤਰੀਆਂ ਨਾਲ ਗੱਲ ਕਰਨਗੇ। ਅਮਰੀਕੀ ਵਿਦੇਸ਼ ਮੰਤਰਾਲਾ ਦੀ ਬੁਲਾਰਾ ਟੈਮੀ ਬਰੂਸ ਨੇ ਮੰਗਲਵਾਰ ਨੂੰ ਇਕ ਪ੍ਰੈਸ ਕਾਨਫਰੰਸ ਵਿਚ ਕਿਹਾ ਕਿ ਵਾਸ਼ਿੰਗਟਨ ਕਸ਼ਮੀਰ ਦੀ ਸਥਿਤੀ ਬਾਰੇ ਭਾਰਤ ਅਤੇ ਪਾਕਿਸਤਾਨ ਦੋਹਾਂ ਨਾਲ ਸੰਪਰਕ ਕਰ ਰਿਹਾ ਹੈ ਅਤੇ ਉਨ੍ਹਾਂ ਨੂੰ ਤਣਾਅ ਨਾ ਵਧਾਉਣ ਦੀ ਅਪੀਲ ਕਰ ਰਿਹਾ ਹੈ।

ਬਰੂਸ ਨੇ ਕਿਹਾ ਕਿ ਵਿਦੇਸ਼ ਮੰਤਰੀ ਮਾਰਕੋ ਰੁਬਿਓ ਦੇ ਅੱਜ ਜਾਂ ਕੱਲ੍ਹ ਭਾਰਤ ਅਤੇ ਪਾਕਿਸਤਾਨ ਦੇ ਵਿਦੇਸ਼ ਮੰਤਰੀਆਂ ਨਾਲ ਗੱਲ ਕਰਨ ਦੀ ਉਮੀਦ ਹੈ। ਉਹ ਹੋਰ ਦੇਸ਼ਾਂ ਦੇ ਨੇਤਾਵਾਂ ਅਤੇ ਵਿਦੇਸ਼ ਮੰਤਰੀਆਂ ਨੂੰ ਵੀ ਇਸ ਮਾਮਲੇ ’ਚ ਭਾਰਤ-ਪਾਕਿਸਤਾਨ ਨਾਲ ਸੰਪਰਕ ਕਰਨ ਲਈ ਉਤਸ਼ਾਹਿਤ ਕਰ ਰਹੇ ਹਨ। ਉਨ੍ਹਾਂ ਕਿਹਾ, “ਜਿਵੇਂ ਕਿ ਮੈਂ ਦੱਸਿਆ, ਹਰ ਰੋਜ਼ ਕਦਮ ਚੁੱਕੇ ਜਾ ਰਹੇ ਹਨ। ਇਸ ਮਾਮਲੇ ’ਚ ਵਿਦੇਸ਼ ਮੰਤਰੀ ਭਾਰਤ ਅਤੇ ਪਾਕਿਸਤਾਨ ਵਿਚ ਮੰਤਰੀਆਂ ਨਾਲ ਸਿੱਧੀ ਗੱਲ ਕਰ ਰਹੇ ਹਨ ਅਤੇ ਆਉਣ ਵਾਲੇ ਸਮੇਂ ਵਿਚ ਵੀ ਕਰਦੇ ਰਹਿਣਗੇ।”