ਭਾਰਤੀ ਕੁਸ਼ਤੀ ਮਹਾਸੰਘ ਦੇ ਪ੍ਰਧਾਨ ਅਤੇ ਭਾਜਪਾ ਸੰਸਦ ਮੈਂਬਰ ਬ੍ਰਿਜ ਭੂਸ਼ਣ ਸ਼ਰਨ ਸਿੰਘ ਖ਼ਿਲਾਫ਼ ਧਰਨੇ ‘ਤੇ ਬੈਠੇ ਪਹਿਲਵਾਨਾਂ ਨੂੰ ਹੁਣ ਕਾਂਗਰਸ ਪਾਰਟੀ ਦਾ ਸਮਰਥਨ ਮਿਲ ਗਿਆ ਹੈ। ਕਾਂਗਰਸ ਨੇਤਾ ਪਵਨ ਖੇੜਾ ਨੇ ਇਸ ਮਾਮਲੇ ‘ਚ ਭਾਜਪਾ ‘ਤੇ ਹਮਲਾ ਬੋਲਿਆ ਹੈ। ਉਨ੍ਹਾਂ ਨੇ ਇਸ ਨੂੰ ਗੰਭੀਰ ਮਾਮਲਾ ਦੱਸਿਆ ਹੈ। ਉਨ੍ਹਾਂ ਕਿਹਾ, “ਇਕ ਬੇਮਿਸਾਲ ਸਥਿਤੀ ਜਿੱਥੇ ਭਾਰਤ ਦੇ ਚੋਟੀ ਦੇ ਪਹਿਲਵਾਨ ਬਜਰੰਗ ਪੂਨੀਆ, ਸਾਕਸ਼ੀ ਮਲਿਕ, ਵਿਨੇਸ਼ ਫੋਗਾਟ ਨੂੰ ਇਕ ਭਾਜਪਾ ਐੱਮਪੀ ਦੁਆਰਾ ਨਿਯੰਤਰਿਤ ਭਾਰਤੀ ਕੁਸ਼ਤੀ ਫੈਡਰੇਸ਼ਨ ਦੇ ਵਿਰੋਧ ਵਿੱਚ ਧਰਨੇ ‘ਤੇ ਬੈਠਣਾ ਪਿਆ।”
ਕਾਂਗਰਸ ਨੇਤਾ ਨੇ ਅੱਗੇ ਲਿਖਿਆ, “ਕੋਚਾਂ ਦੇ ਖ਼ਿਲਾਫ਼ ਜਿਣਸੀ ਸ਼ੋਸ਼ਣ ਅਤੇ ਮਾਨਸਿਕ ਪ੍ਰੇਸ਼ਾਨੀ ਦੀਆਂ ਗੰਭੀਰ ਸ਼ਿਕਾਇਤਾਂ ਆਈਆਂ ਹਨ।” ਦੱਸ ਦੇਈਏ ਕਿ ਪਹਿਲਵਾਨਾਂ ਨੇ ਬ੍ਰਿਜ ਭੂਸ਼ਣ ਸ਼ਰਨ ਸਿੰਘ ‘ਤੇ ਜਿਣਸੀ ਸ਼ੋਸ਼ਣ ਵਰਗੇ ਗੰਭੀਰ ਦੋਸ਼ ਲਾਉਂਦਿਆਂ ਜੰਤਰ-ਮੰਤਰ ‘ਤੇ ਪ੍ਰਦਰਸ਼ਨ ਕੀਤਾ। ਇਸ ਮਾਮਲੇ ‘ਤੇ ਪਹਿਲਵਾਨ ਵਿਨੇਸ਼ ਫੋਗਾਟ ਦਾ ਕਹਿਣਾ ਹੈ ਕਿ ਜਦੋਂ ਤੱਕ ਪ੍ਰਧਾਨ ਨਹੀਂ ਬਦਲਿਆ ਜਾਂਦਾ ਉਦੋਂ ਤੱਕ ਧਰਨਾ ਜਾਰੀ ਰਹੇਗਾ।